ਸਪਾਂਸਰਸ਼ਿਪ ਸਕੀਮ ਤਹਿਤ 34 ਨਵੇਂ ਕੇਸਾਂ ਨੂੰ ਦਿੱਤੀ ਪ੍ਰਵਾਨਗੀ
ਪਟਿਆਲਾ, 26 ਦਸੰਬਰ- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਸਪਾਂਸਰਸ਼ਿਪ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਇਸ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਕੋਈ ਵੀ ਯੋਗ ਤੇ ਲੋੜਵੰਦ ਬੱਚਾ ਸਹੂਲੀਅਤ ਲੈਣ ਤੋਂ ਵਾਂਝਾ ਨਾ ਰਹਿ ਸਕੇ। ਡਾ: ਪ੍ਰੀਤੀ ਯਾਦਵ ਨੇ ਮੀਟਿੰਗ ਵਿੱਚ 34 ਨਵੇਂ ਬੱਚਿਆਂ ਦੀ ਸਪਾਂਸਰਸ਼ਿਪ ਪ੍ਰਵਾਨ ਕੀਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਸਕੀਮ ਤਹਿਤ ਗਰੀਬ ਬੱਚਿਆਂ ਨੂੰ ਮਦਦ ਮਿਲੇਗੀ ਅਤੇ ਗਰੀਬ ਬੱਚੇ ਆਪਣੀ ਪੜ੍ਹਾਈ ਨੂੰ ਜਾਰੀ ਰੱਖ ਸਕਣਗੇ।
ਉਹਨਾਂ ਇਹ ਵੀ ਕਿਹਾ ਕਿ ਜਿਹੜੇ ਬੱਚੇ ਇਸ ਸਪਾਂਸਰਸ਼ਿਪ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ , ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਪਟਿਆਲਾ ਨੂੰ ਜ਼ਰੂਰ ਸੰਪਰਕ ਕਰਨ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਬਾਲ ਸੁਰੱਖਿਆ ਅਫਸਰ, ਸ਼ਾਇਨਾ ਕਪੂਰ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਬੱਚਿਆਂ ਦੇ ਮਾਤਾ ਪਿਤਾ ਦੀ ਮੌਤ ਹੋ ਜਾਂਦੀ ਹੈ|
ਜਾਂ ਜਿਹੜੇ ਬੱਚਿਆਂ ਦੇ ਮਾਤਾ ਪਿਤਾ ਗੰਭੀਰ ਬਿਮਾਰੀ ਦੇ ਸ਼ਿਕਾਰ ਹਨ ਅਤੇ ਮਾਤਾ ਪਿਤਾ ਵਿੱਤੀ ਅਤੇ ਸਰੀਰਕ ਤੌਰ 'ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ ਅਜਿਹੇ ਬੱਚਿਆਂ ਨੂੰ ਸਪਾਂਸਰਸ਼ਿਪ ਲਗਾਈ ਜਾਂਦੀ ਹੈ। ਉਹਨਾਂ ਦੱਸਿਆ ਕਿ ਪਹਿਲਾ 115 ਬੱਚਿਆਂ ਦੀ ਸਪਾਂਸਰਸ਼ਿਪ ਚਲ ਰਹੀ ਸੀ ਅਤੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ 34 ਨਵੇਂ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਹੋਰ ਦੱਸਿਆ ਕਿ ਇਸ ਸਪਾਂਸਰਸ਼ਿਪ ਦੀ ਪ੍ਰਵਾਨਗੀ ਉਪਰੰਤ ਬੱਚਿਆਂ ਨੂੰ 4 ਹਜ਼ਾਰ ਰੁਪਏ ਮਹੀਨਾ ਦਿੱਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਜੇਕਰ ਕੋਈ ਇਸ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਪਟਿਆਲਾ, ਬਲਾਕ-ਸੀ ਐਕਸਟੈਂਸ਼ਨ ਰੂਮ ਨੰ: 150 ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ ਸਮਾਂ ਸਵੇਰੇ 9-00 ਵਜੇ ਤੋਂ ਸ਼ਾਮ 5 ਵਜੇ ਤਕ ਨੰ: 0175-2353523 'ਤੇ ਸੰਪਰਕ ਕਰ ਸਕਦਾ ਹੈ। ਮੀਟਿੰਗ ਵਿੱਚ ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਪਰਸਨ ਜਗਦੀਸ਼ ਚੰਦਰ ਅਤੇ ਸੋਸ਼ਲ ਵਰਕਰ ਮੈਡਮ ਉਰਮਿਲ ਪੁਰੀ ਵੀ ਮੌਜੂਦ ਸਨ।
