ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕੁਰਾਲੀ ਵਿੱਚ ਆਯੋਜਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ:- ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਸ੍ਰੀ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ. ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਬੀਤੇ ਦਿਨੀਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ (ਤਹਿਸੀਲ ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ) ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਸ. ਕਰਨੈਲ ਸਿੰਘ ਵੱਲੋਂ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹਰ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਸ਼ਾ ਵੇਚਣ ਜਾਂ ਨਸ਼ਾ ਕਰਨ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਵਟਸਐਪ ਨੰਬਰ 9779100200 ‘ਤੇ ਸੁਚਨਾ ਦੇ ਸਕਦੇ ਹਨ ਜਾਂ ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨਾਲ ਸੰਪਰਕ ਕਰ ਸਕਦੇ ਹਨ, ਤਾਂ ਜੋ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਨਸ਼ਿਆਂ ਦੇ ਭਿਆਨਕ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ।
ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਉੱਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਲਾਪ੍ਰਵਾਹੀ ਨਾਲ ਵਾਹਨ ਚਲਾਉਣ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋਂ ਵਾਹਨ ਚਲਾਉਣ ‘ਤੇ ਮਾਪਿਆਂ ਨੂੰ 3 ਸਾਲ ਤੱਕ ਕੈਦ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਨਾਬਾਲਿਗ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ ਇਸੇ ਤਰ੍ਹਾਂ ਦੀ ਸਜ਼ਾ ਹੋ ਸਕਦੀ ਹੈ।
ਇਸ ਮੌਕੇ ਵਾਹਨ ਚਾਲਕਾਂ ਨੂੰ ਸਰਕਾਰ ਦੀ “ਗੁੱਡ ਸਮੈਰਿਟਨ” (ਚੰਗੇ ਸਮਾਰੀਟਨ) ਸਕੀਮ ਬਾਰੇ ਵੀ ਜਾਣੂ ਕਰਵਾਇਆ ਗਿਆ। ਦੱਸਿਆ ਗਿਆ ਕਿ ਕਿਸੇ ਸੜਕ ਹਾਦਸੇ ਵਿੱਚ ਜ਼ਖ਼ਮੀ ਵਿਅਕਤੀ ਦੀ ਮਦਦ ਕਰਨ ਵਾਲੇ ਨੂੰ “ਫਰਿਸ਼ਤੇ ਸਕੀਮ” ਤਹਿਤ 2000 ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ।
ਸ. ਕਰਨੈਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਤੋਂ ਬਚਣ ਲਈ ਜਾਗਰੂਕ ਕਰਨ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਕਰਮਜੀਤ ਸਿੰਘ, ਟ੍ਰੈਫਿਕ ਇੰਚਾਰਜ ਏ.ਐਸ.ਆਈ ਜਗਤ ਸਿੰਘ, ਏ.ਐਸ.ਆਈ ਯਸਪਾਲ ਸਿੰਘ, ਏ.ਐਸ.ਆਈ ਦਵਿੰਦਰ ਸਿੰਘ, ਹੌਲਦਾਰ ਦਵਿੰਦਰ ਸਿੰਘ ਅਤੇ ਸਕੂਲ ਦਾ ਹੋਰ ਸਟਾਫ ਮੌਜੂਦ ਸੀ।
ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ. ਕਰਮਜੀਤ ਸਿੰਘ ਅਤੇ ਸਟਾਫ ਵੱਲੋਂ ਡੀ ਐੱਸ ਪੀ ਸ. ਕਰਨੈਲ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ ਵਿਚਾਰਾਂ ਦੀ ਪ੍ਰਸ਼ੰਸਾ ਕੀਤੀ ਗਈ।
