ਬਾਦਲ ਦਲ ਨਹੀਂ ਚਾਹੁੰਦਾ ਹਰਿਆਣਾ ਗੁਰਦੁਆਰਾ ਕਮੇਟੀ ਕਾਮਯਾਬ ਹੋਵੇ ਬਿੱਟਾ
ਅੰਬਾਲਾ, 29 ਜੁਲਾਈ:- ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਇੱਕੋ-ਇੱਕ ਏਜੰਡਾ ਕਿਸੇ ਵੀ ਤਰੀਕੇ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਮਯਾਬ ਨਾ ਹੋਣ ਦੇਣਾ ਹੈ। ਇਸੇ ਮਨੋਰਥ ਤਹਿਤ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਸਮੇਂ ਜਗਦੀਸ਼ ਸਿੰਘ ਝੀਂਡਾ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵਿਚਕਾਰ ਹੋਏ ਸਮਝੌਤੇ ਨੂੰ ਜਗਦੀਸ਼ ਸਿੰਘ ਝੀਂਡਾ ਨੂੰ ਗੁਮਰਾਹ ਕਰਕੇ ਤੁੜਵਾ ਦਿੱਤਾ ਅਤੇ ਉਸ ਤੋਂ ਬਾਅਦ ਲਗਾਤਾਰ ਹਰਿਆਣਾ ਕਮੇਟੀ ਦੇ ਮੈਂਬਰਾਂ ਵਿੱਚ ਅਵਿਸ਼ਵਾਸ ਦਾ ਮਾਹੌਲ ਪੈਦਾ ਹੋ ਗਿਆ। ਇਹ ਵਿਚਾਰ ਅੱਜ ਜਾਰੀ ਇੱਕ ਪ੍ਰੈੱਸ ਨੋਟ ਰਾਹੀਂ ਸਾਬਕਾ ਜ਼ਿਲ੍ਹਾ ਪ੍ਰਧਾਨ ਅੰਬਾਲਾ ਸੁਖਵਿੰਦਰ ਸਿੰਘ ਬਿੱਟਾ (ਝੀਂਡਾ ਗਰੁੱਪ) ਨੇ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਅੱਜ ਵੀ ਮੀਰੀ ਪੀਰੀ ਹਸਪਤਾਲ ਦੇ ਪ੍ਰਬੰਧ ਨੂੰ ਲੈ ਕੇ ਜਾਣ-ਬੁੱਝ ਕੇ ਅਸਮੰਜਸ ਅਤੇ ਵਿਵਾਦ ਦੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਬਿੱਟਾ ਨੇ ਜਗਦੀਸ਼ ਸਿੰਘ ਝੀਂਡਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਥਕ ਅਤੇ ਬਾਦਲ ਗਰੁੱਪ ਦੇ ਮੈਂਬਰਾਂ ਦਾ ਸਾਥ ਤੁਰੰਤ ਛੱਡ ਦੇਣ ਕਿਉਂਕਿ ਇਹ ਲੋਕ ਝੀਂਡਾ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਲਈ ਲੜੇ ਗਏ ਲੰਮੇ ਸੰਘਰਸ਼ ਅਤੇ ਉਸ ਦੇ ਯੋਗਦਾਨ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਅੱਜ ਵੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਨੂੰ ਦਿਲੋਂ ਸਵੀਕਾਰ ਨਹੀਂ ਕਰਦੇ। ਬਿੱਟਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪੰਥਕ ਗਰੁੱਪ ਦੇ ਮੈਂਬਰਾਂ ਨੂੰ ਹਰਿਆਣਾ ਕਮੇਟੀ ਵਿਰੁੱਧ ਸਰਗਰਮੀਆਂ ਕਰਨ ਲਈ 50,000 ਰੁਪਏ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਮਿਹਨਤਾਨਾ ਵੀ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਸਮੂਹ ਹਰਿਆਣਾ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਪੰਥਕ ਗਰੁੱਪ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ। ਸੁਖਵਿੰਦਰ ਸਿੰਘ ਬਿੱਟਾ ਨੇ ਜਗਦੀਸ਼ ਸਿੰਘ ਝੀਂਡਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕੁਰੂਕਸ਼ੇਤਰ ਸਥਿਤ ਹਰਿਆਣਾ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਬੈਠੇ ਉਨ੍ਹਾਂ ਵਿਅਕਤੀਆਂ ਦੀ ਭੂਮਿਕਾ ਉੱਤੇ ਵੀ ਨਜ਼ਰ ਰੱਖਣ ਜੋ ਕਥਿਤ ਤੌਰ ਤੇ ਬਾਦਲ ਧੜੇ ਦੇ ਇਸ਼ਾਰਿਆਂ ’ਤੇ ਹਰਿਆਣਾ ਕਮੇਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਬਾਦਲ ਗਰੁੱਪ ਵੱਲੋਂ ਕਥਿਤ ਮਿਹਨਤਾਨਾ ਵੀ ਲੈ ਰਹੇ ਹਨ ।
ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੀ ਸਿੱਖ ਸੰਗਤ ਦੇ ਲੰਮੇ, ਸ਼ਾਂਤਮਈ ਅਤੇ ਸੰਵਿਧਾਨਕ ਸੰਘਰਸ਼ ਦਾ ਨਤੀਜਾ ਹੈ। ਇਸ ਲਈ ਇਸ ਨੂੰ ਕਮਜ਼ੋਰ ਕਰਨ ਜਾਂ ਇਸ ਦੀ ਕਾਰਗੁਜ਼ਾਰੀ ਵਿੱਚ ਰੁਕਾਵਟ ਪੈਦਾ ਕਰਨ ਦੀ ਹਰ ਕੋਸ਼ਿਸ਼ ਦਾ ਸੰਗਤ ਵੱਲੋਂ ਲੋਕਤੰਤਰੀ ਅਤੇ ਕਾਨੂੰਨੀ ਢੰਗ ਨਾਲ ਡਟ ਕੇ ਜਵਾਬ ਦਿੱਤਾ ਜਾਵੇਗਾ।
