ਲੋਕਾਂ ਨੂੰ ਟੈਕਸਾਂ ਦੀ ਮਾਰ ਤੋਂ ਬਚਾਉਣ ਲਈ ਬਾਹਰ ਕੱਢੇ ਬਲੌਂਗੀ ਅਤੇ ਬੜ ਮਾਜਰਾ ਕੁਲਵੰਤ ਸਿੰਘ

ਐਸ ਏ ਐਸ ਨਗਰ, 23 ਅਕਤੂਬਰ- ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵੱਲੋਂ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਲਈ ਕੀਤੀ ਗਈ ਨੋਟੀਫਿਕੇਸ਼ਨ ਦਾ ਸੁਆਗਤ ਕਰਦਿਆਂ ਕਿਹਾ ਹੈ ਕਿ ਅਜਿਹਾ ਕਰਕੇ ਸਰਕਾਰ ਨੇ ਸ਼ਹਿਰ ਦੇ ਨਿਗਮ ਤੋਂ ਬਾਹਰ ਰਹੇ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਰਾਹ ਪੱਧਰਾ ਕਰ ਦਿੱਤਾ ਹੈ।
ਪਿੰਡ ਬਲੌਂਗੀ ਅਤੇ ਬੜਮਾਜਰਾ ਨੂੰ ਨਿਗਮ ਵਿੱਚ ਸ਼ਾਮਲ ਨਾ ਕੀਤੇ ਜਾਣ ਦੇ ਸਵਾਲ ਤੇ ਉਹਨਾਂ ਕਿਹਾ ਕਿ ਅਜਿਹਾ ਇਹਨਾਂ ਖੇਤਰਾਂ ਦੇ ਵਸਨੀਕਾਂ ਨੂੰ ਪ੍ਰਾਪਰਟੀ ਟੈਕਸ ਦੇ ਬੋਝ ਤੋਂ ਬਚਾਉਣ ਲਈ ਕੀਤਾ ਗਿਆ ਹੈ, ਕਿਉਂਕਿ ਜੇਕਰ ਇਹਨਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕੀਤਾ ਜਾਂਦਾ ਤਾਂ ਪਿੰਡਾਂ ਦੇ ਵਸਨੀਕਾਂ ਤੇ ਪ੍ਰਾਪਰਟੀ ਟੈਕਸ ਦਾ ਭਾਰੀ ਬੋਝ ਪੈ ਜਾਣਾ ਸੀ। ਉਹਨਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਨਿਗਮ ਵਿੱਚ ਸ਼ਾਮਲ ਕੀਤੇ ਗਏ ਕਈ ਪਿੰਡ (ਸੋਹਾਣਾ ਸਮੇਤ) ਪਿੰਡਾਂ ਨੂੰ ਨਿਗਮ ਵਿੱਚ ਸ਼ਾਮਲ ਕਰਨ ਦਾ ਵਿਰੋਧ ਕਰਦੇ ਰਹੇ ਹਨ ਅਤੇ ਪ੍ਰਾਪਰਟੀ ਟੈਕਸ ਨਾ ਲਗਾਉਣ ਦੀ ਮੰਗ ਕਰ ਰਹੇ ਹਨ।
ਉਹਨਾਂ ਕਿਹਾ ਕਿ ਇਸ ਸੰਬੰਧੀ ਸਰਕਾਰ ਵੱਲੋਂ ਪਿੰਡਾਂ ਨੂੰ ਪ੍ਰਾਪਰਟੀ ਟੈਕਸ ਤੋਂ ਛੋਟ ਦੇਣ ਦੀ ਤਜਵੀਜ਼ ਤੇ ਕੰਮ ਚੱਲ ਰਿਹਾ ਹੈ ਅਤੇ ਪਿੰਡ ਨੂੰ ਟੈਕਸ ਤੋਂ ਰਾਹਤ ਦੇਣ ਦੇ ਫੈਸਲੇ ਤੋਂ ਬਾਅਦ ਇਹਨਾਂ ਖੇਤਰਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕਰਨ ਲਈ ਮੁੜ ਨੋਟੀਫਿਕੇਸ਼ਨ ਲਿਆਂਦਾ ਜਾਵੇਗਾ।