ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ ਬੰਦੀ ਛੋੜ ਦਿਵਸ
ਐਸ ਏ ਐਸ ਨਗਰ, 23 ਅਕਤੂਬਰ- ਨੇੜਲੇ ਪਿੰਡ ਸੋਹਾਣਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸੰਬੰਧੀ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਚਮਕੌਰ ਸਿੰਘ ਅਤੇ ਸੰਗਰੂਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਪਹਾੜੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਸੰਗਤ ਨੂੰ ਵਿਸਥਾਰ ਵਿੱਚ ਸੁਣਾਇਆ।
ਭਾਈ ਨਿਰਮਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਤੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਮੇਜਰ ਸਿੰਘ (ਤਰਨ ਤਾਰਨ ਵਾਲੇ) ਨੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੇ ਗਵਾਲੀਅਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚਣ ਅਤੇ ਸੰਗਤ ਵੱਲੋਂ ਕੀਤੀ ਦੀਪਮਾਲਾ ਕਰਨ ਦਾ ਪ੍ਰਸੰਗ ਵਿਸਥਾਰ ਸਹਿਤ ਸੁਣਾਇਆ।
ਇਸ ਤੋਂ ਇਲਾਵਾ ਭਾਈ ਨਵਦੀਪ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਰਾਜਵਿੰਦਰ ਸਿੰਘ ਭਾਈ ਗੁਰਸੇਵਕ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜੱਥਾ, ਚੜ੍ਹਦੀ ਕਲਾ ਕੀਰਤਨੀ ਜੱਥਾ ਭਾਈ ਗੁਰਜਾਪ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
