ਬਠਿੰਡਾ ਅਦਾਲਤ ਨੇ ਮੁੜ ਕੰਗਨਾ ਰਣੌਤ ਨੂੰ ਭੇਜਿਆ ਸੰਮਨ, ਕਿਸਾਨ ਬੀਬੀਆਂ 'ਤੇ ਕੀਤੀ ਸੀ ਵਿਵਾਦਤ ਟਿੱਪਣੀ
ਚੰਡੀਗਡ਼੍ਹ- ਕਿਸਾਨ ਅੰਦੋਲਨ ਵੇਲੇ ਸੰਘਰਸ਼ੀ ਬੀਬੀਆਂ ਉੱਤੇ ਵਿਵਾਦਿਤ ਟਿੱਪਣੀ ਕਰਨ ਵਾਲੀ ਕੰਗਨਾ ਰਣੌਤ ਹੁਣ ਹੋਰ ਕਸੂਤੀ ਫਸਦੀ ਜਾਂਦੀ ਹੈ। ਇਸ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਮੁੜ ਬਠਿੰਡਾ ਕੋਰਟ ਦਾ ਸੰਮਨ ਜਾਰੀ ਹੋਇਆ ਹੈ। ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਬੇਬੇ ਮਹਿੰਦਰ ਕੌਰ ‘ਤੇ ਕੀਤੀ ਗਈ ਵਿਵਾਦਿਤ ਟਿੱਪਣੀ ਨਾਲ ਸੰਬੰਧਿਤ ਹੈ। ਕੋਰਟ ਨੇ ਕੰਗਨਾ ਨੂੰ ਜਲਦੀ ਹੀ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ, ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਹੋਵੇਗੀ।
ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ ਕਿਸਾਨ ਮਹਿੰਦਰ ਕੌਰ ਨੂੰ ਸ਼ਾਹੀਨ ਬਾਗ ਦੀ ਦਾਦੀ ਕਹਿ ਕੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ। ਵਕੀਲ ਰਘੁਵੀਰ ਨੇ ਦੱਸਿਆ ਕਿ ਉਹ ਜਲਦੀ ਹੀ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਨਗੇ, ਜਿਸ ਵਿੱਚ ਮੰਗ ਕੀਤੀ ਜਾਵੇਗੀ ਕਿ ਕੰਗਨਾ ਰਣੌਤ ਨੂੰ ਵਿਦੇਸ਼ ਜਾਣ ਤੋਂ ਰੋਕਿਆ ਜਾਵੇ।
ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਕਾਨੂੰਨੀ ਪ੍ਰਕਿਰਿਆ ਤੋਂ ਬਚ ਨਾ ਸਕੇ। ਧਿਆਨ ਦੇਣ ਯੋਗ ਹੈ ਕਿ ਕੰਗਨਾ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਿਸਾਨ ਮਹਿੰਦਰ ਕੌਰ 'ਤੇ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਫਿਰ ਉਸਨੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ। ਪਰ ਉਸਨੂੰ ਕਿਤੇ ਵੀ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਉਸਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।
