ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਦਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਨਵੰਬਰ: ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸ਼ਹਿਰ ਦੇ ਫ਼ੇਜ਼ 1 ਵਿਚ ਪੈਂਦੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਡਾ. ਜੈਨ ਨੇ ਕਲੀਨਿਕ ਵਿਚ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਕਲੀਨਿਕ ਵਿਚ ਹੋਰ ਸੁਧਾਰ ਲਈ ਸੁਝਾਅ ਵੀ ਲਏ। ਉਨ੍ਹਾਂ ਕਲੀਨਿਕ ਦੇ ਵੱਖ-ਵੱਖ ਕਮਰਿਆਂ ਵਿਚ ਫੇਰੀ ਪਾਈ ਅਤੇ ਓ.ਪੀ.ਡੀ. ਸੇਵਾਵਾਂ, ਮੁਫ਼ਤ ਦਵਾਈਆਂ ਅਤੇ ਜਾਂਚ, ਸਾਫ਼-ਸਫ਼ਾਈ, ਡਾਕਟਰੀ ਸਾਜ਼ੋ-ਸਮਾਨ ਦਾ ਵੀ ਨਿਰੀਖਣ ਕੀਤਾ।
ਸਿਵਲ ਸਰਜਨ ਨੇ ਆਖਿਆ ਕਿ ਉਨ੍ਹਾਂ ਦੇ ਦੌਰੇ ਦਾ ਮੰਤਵ ਆਮ ਆਦਮੀ ਕਲੀਨਿਕ ਦੀ ਕਾਰਜਪ੍ਰਣਾਲੀ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨਾ ਸੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਖੁਲ੍ਹੇ ਆਮ ਆਦਮੀ ਕਲੀਨਿਕ ਮਿਆਰੀ ਤੇ ਸੁਚੱਜੀਆਂ ਸਿਹਤ ਸਹੂਲਤਾਂ ਦੇਣ ਪੱਖੋਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਆਦਿ ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਹਨ ਅਤੇ ਕਈ ਤਰ੍ਹਾਂ ਦੇ ਡਾਕਟਰੀ ਟੈਸਟ ਵੀ ਕੀਤੇ ਜਾ ਰਹੇ ਹਨ।
ਕਲੀਨਿਕਾਂ ਵਿਚ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਹੋਣੀ ਚਾਹੀਦੀ ਅਤੇ ਬਜ਼ੁਰਗ ਮਰੀਜ਼ਾਂ ਨੂੰ ਪਹਿਲ ਦਿਤੀ ਜਾਵੇ l ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਵੀ ਮੌਜੂਦ ਸਨ।
