ਐਸਆਈਆਰ2026 ਤਹਿਤ ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 11 ਸਤੰਬਰ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਤੀਜਾ ਪੜਾਅ 13 ਅਗਸਤ ਤੋਂ 12 ਸਤੰਬਰ, 2026 ਤੱਕ ਚੱਲ ਰਿਹਾ ਹੈ, ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ।
ਐਸ.ਡੀ.ਐਮ.-ਕਮ-ਈ.ਆਰ.ਓ., 052-ਖਰੜ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਪੜਾਅ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ, 2026 ਤੱਕ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਫਾਰਮ ਨੰਬਰ 6, 7 ਅਤੇ 8 ਨਾਲ ਸਬੰਧਤ ਹਫ਼ਤਾਵਾਰੀ ਸੂਚੀਆਂ ਫਾਰਮ ਨੰਬਰ 9, 10, 11 ਅਤੇ 11-ਏ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕਰਕੇ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਪੱਖਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ।
