ਪਿੰਡ ਘੜੂੰਆਂ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 21 ਅਗਸਤ, 2026:- ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਹੋਰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਚਲਾਈਆਂ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੈਂਗੂ ਤੇ ਵਾਰ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਪੀ.ਐਚ.ਸੀ. ਘੜੂੰਆਂ ਸਟਾਫ ਵੱਲੋਂ ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕੰਟੇਨਰ ਸਰਵੇ ਕੀਤਾ ਗਿਆ।
 ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਾਈਵੇਟ ਹਸਪਤਾਲਾਂ, ਸਰਕਾਰੀ ਹਸਪਤਾਲਾਂ, ਵੈਟਰਨਰੀ ਹਸਪਤਾਲਾਂ ਅਤੇ ਫਾਰਮੇਸੀ ਸਟੋਰਾਂ ਦੀ ਜਾਂਚ ਕੀਤੀ ਗਈ। ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਪਾਣੀ ਦੇ ਕੰਟੇਨਰਾਂ, ਟੈਂਕੀਆਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕਰਕੇ ਮੱਛਰਾਂ ਦੇ ਲਾਰਵੇ ਦੀ ਸੰਭਾਵਿਤ ਮੌਜੂਦਗੀ ਬਾਰੇ ਸਰਵੇ ਕੀਤਾ ਅਤੇ ਲੋਕਾਂ ਨੂੰ ਪਾਣੀ ਖੜ੍ਹਾ ਨਾ ਹੋਣ ਦੇਣ ਸਬੰਧੀ ਜਾਗਰੂਕ ਕੀਤਾ। 
ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਆਪਣੇ ਆਲੇ-ਦੁਆਲੇ ਸਫਾਈ ਰੱਖਣਾ ਅਤੇ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲਗਾਤਾਰ ਸਰਵੇ ਅਤੇ ਮੱਛਰਾਂ ਦੇ ਪੈਦਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਹਸਪਤਾਲਾਂ, ਮੈਡੀਕਲ ਸਟੋਰਾਂ ਅਤੇ ਆਮ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।
 ਇਸ ਸਰਵੇ ਦੌਰਾਨ ਹੈਲਥ ਸੁਪਰਵਾਈਜ਼ਰ ਦਵਿੰਦਰ ਸਿੰਘ, ਹੈਲਥ ਵਰਕਰ ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ ਅਤੇ ਬ੍ਰੀਡਿੰਗ ਚੈਕਰਾਂ ਵੱਲੋਂ ਸਰਗਰਮ ਭੂਮਿਕਾ ਨਿਭਾਈ ਗਈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹਰ ਸ਼ੁੱਕਰਵਾਰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਦੇ ਸਰੋਤਾਂ ਦੀ ਜਾਂਚ ਕਰਕੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾਵੇ।