ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਡੀ. ਸੀ. ਪ੍ਰੀਤੀ ਯਾਦਵ ਭਾਂਖਰ, ਡਕਾਲਾ ਤੇ ਦੇਵੀਨਗਰ ਪਹੁੰਚੇ
ਪਟਿਆਲਾ, 1 ਅਕਤੂਬਰ - ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਸਮੇਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ ਉਤਰਿਆ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਅੱਜ ਪਿਛਲੇ ਸਾਲ ਹਾਟ ਸਪਾਟ ਰਹੇ ਪਿੰਡ ਭਾਂਖਰ, ਡਕਾਲਾ ਤੇ ਦੇਵੀਨਗਰ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰ, ਚੋਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ ਉਹ ਮੁਹਈਆ ਕਰਵਾਈ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਐਸ.ਡੀ.ਐਮਜ਼ ਤੇ ਖੇਤੀਬਾੜੀ, ਮਾਲ, ਪੰਚਾਇਤ ਵਿਭਾਗ, ਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਨਵਰੀਤ ਕੌਰ ਸੇਖੋਂ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ।
ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾ ਰਹੇ ਕਿਸਾਨ ਨਾਲ ਖੇਤ 'ਚ ਜਾ ਕੇ ਗੱਲਬਾਤ ਕੀਤੀ ਅਤੇ ਕਿਸਾਨ ਦੀ ਹੌਸਲਾ ਅਫ਼ਜ਼ਾਈ ਕੀਤੀ।
