ਨੋਇਡਾ ਦੇ ਪ੍ਰਦਰਸ਼ਨਕਾਰੀ ਮਜ਼ਦੂਰਾਂ ਦੀਆਂ ਤਨਖਾਹਾਂ ਵਧਾਉਣ ਅਤੇ ਮਜ਼ਦੂਰਾਂ ਨੂੰ ਰਿਹਾਅ ਕਰਨ ਦੀ ਮੰਗ
ਨਵਾਂਸ਼ਹਿਰ:- ਪੰਜਾਬ ਦੀ ਮਜ਼ਦੂਰ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਵਲੋਂ ਉੱਤਰ ਪ੍ਰਦੇਸ਼ ਦੇ ਨੋਇਡਾ ਫੇਜ਼ 2 ਦੇ ਹੌਜ਼ਰੀ ਕੰਪਲੈਕਸ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਤਨਖਾਹ ਵਿੱਚ ਵਾਧਾ ਕਰਕੇ ਦੇਣ ਅਤੇ ਗ੍ਰਿਫਤਾਰ ਕੀਤੇ ਮਜਦੂਰਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਕਰਦਿਆਂ ਇਫਟੂ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਕੇਂਦਰੀ ਕਮੇਟੀ ਮੈਂਬਰ ਜੁਗਿੰਦਰਪਾਲ ਗੁਰਦਾਸਪੂਰ,ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ,ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਹਰਦੀਪ ਟੋਡਰਪੁਰ ,ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਮੈਸਰਜ਼ ਰਿਚਾ ਗਾਰਮੈਂਟਸ ਨੋਇਡਾ ਵਿੱਚ ਕੰਮ ਕਰਦੇ 2,000 ਤੋਂ ਵੱਧ ਗਿਣਤੀ ਵਾਲੇ ਮਜ਼ਦੂਰਾਂ ਨੂੰ ₹11,283 ਦੀ ਮਹੀਨਾਵਾਰ ਤਨਖਾਹ ਦਿੱਤੀ ਜਾਂਦੀ ਹੈ, ਜੋ ਕਿ ਮੌਜੂਦਾ ਮਹਿੰਗਾਈ ਨੂੰ ਦੇਖਦੇ ਹੋਏ ਬਹੁਤ ਘੱਟ ਹੈ।
ਇਹ ਉੱਤਰ ਪ੍ਰਦੇਸ਼ ਅਤੇ ਨੋਇਡਾ ਵਿੱਚ ਘੱਟੋ-ਘੱਟ ਉਜਰਤ ਤੋਂ ਵੀ ਘੱਟ ਹੈ। ਗਲੋਬਲ, ਪੈਰਾਮਿੰਟ ਅਤੇ ਮਦਰਾਸਨ ਦੇ ਸੈਂਕੜੇ ਮਜ਼ਦੂਰ ਵਿਰੋਧ ਕਰਨ ਲਈ ਬਾਹਰ ਨਿਕਲੇ। ਉੱਤਰ ਪ੍ਰਦੇਸ਼ ਸਰਕਾਰ ਨੇ ਮਜ਼ਦੂਰਾਂ ਪ੍ਰਤੀ ਕੋਈ ਹਮਦਰਦੀ ਨਾ ਦਿਖਾਉਂਦੇ ਹੋਏ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ, ਜਿਸ ਨਾਲ ਪੂਰੇ ਖੇਤਰ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ। ਸੱਤ ਕਾਮਿਆਂ ਅਤੇ ਸੱਤ ਯੂਨੀਅਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਆਗੂਆਂ ਨੇ ਇਸਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ, ਰਸੋਈ ਗੈਸ ਅਤੇ ਹੋਰ ਨਿੱਤ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ ਹੋਈਆਂ ਹਨ। 11,283 ਰੁਪਏ ਦੀ ਮਾਸਿਕ ਤਨਖਾਹ ਗੁਜ਼ਾਰਾ ਕਰਨ ਲਈ ਕਾਫ਼ੀ ਨਹੀਂ ਹੈ। ਨੋਇਡਾ ਵਿੱਚ ਘਰ ਦਾ ਕਿਰਾਇਆ ਅਤੇ ਭੋਜਨ ਦੀਆਂ ਕੀਮਤਾਂ ਦਿੱਲੀ ਦੇ ਬਰਾਬਰ ਹਨ।
ਇਸ ਲਈ, ਨੋਇਡਾ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਤਨਖਾਹ ਵੀ ਦਿੱਲੀ ਦੇ ਬਰਾਬਰ ਹੋਣੀ ਚਾਹੀਦੀ ਹੈ। ਉਹਨਾਂ ਮਜ਼ਦੂਰਾਂ ਦੀ ਤਨਖਾਹ ਤੁਰੰਤ ਵਧਾਕੇ ਦੇਣ ਅਤੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਾਥੀਆਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੋਇਡਾ ਹੌਜ਼ਰੀ ਕੰਪਲੈਕਸ ਤੋਂ ਪੁਲਿਸ ਕੈਂਪ ਤੁਰੰਤ ਹਟਾਏ ਜਾਣ ਦੀ ਮੰਗ ਕੀਤੀ ਹੈ।
