ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪੱਧਰੀ ਮੈਗਾ ਦਾਖਲਾ ਮੁਹਿੰਮ ਦੀ ਕੀਤੀ ਸੁਰੂਆਤ
ਨਵਾਂਸਹਿਰ:- ਵਿਦਿਅਕ ਸ਼ੈਸ਼ਨ 2026-27 ਲਈ ਜ਼ਿਲ੍ਹਾ ਪੱਧਰੀ ਮੈਗਾ ਦਾਖਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਸਕੂਲ ਆਫ ਐਮੀਨੈਂਸ (ਐਸ.ਓ.ਈ) ਨਵਾਂਸਹਿਰ ਤੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਗਈ ਹੈ ਤੇ ਅੱਜ ਸਾਡੇ ਸਰਕਾਰੀ ਸਕੂਲ ਸਮੇਂ ਦੇ ਹਾਣੀ ਬਣ ਗਏ ਹਨ ਤੇ ਇਹਨਾਂ ਸਕੂਲਾਂ ਵਿੱਚ ਮੁਫਤ ਸਿੱਖਿਆ ਦਿੱਤੀ ਜਾ ਰਹੀ ਹੈ।
ਬੱਚਿਆ ਨੂੰ ਮੁਫਤ ਕਿਤਾਬਾਂ, ਮੁਫਤ ਵਰਦੀਆਂ ਅਤੇ ਮੁਫਤ ਮਿਡਲ ਡੇ ਮੀਲ ਦੀ ਸਹੂਲਤ ਹੈ। ਇਸ ਤੋਂ ਇਲਾਵਾ ਬੱਚਿਆ ਨੂੰ ਸਰਕਾਰ ਵਲੋਂ ਵਜੀਫੇ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਦਰਜਾ ਸਿੱਖਿਆ ਪ੍ਰਾਪਤ ਅਧਿਆਪਕ ਕੰਮ ਰਹੇ ਹਨ ਅਤੇ ਬੱਚਿਆ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਬਿਹਤਰ ਤੇ ਵਧੀਆ ਸਿੱਖਿਆ ਮਿਲ ਸਕੇ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਆਈ.ਆਈ.ਟੀ ਅਤੇ ਵੱਡੇ ਮੈਡੀਕਲਾਂ ਕਾਲਜਾਂ ਵਿੱਚ ਦਾਖਲਾ ਪ੍ਰਾਪਤ ਕਰ ਹਰੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ਼ਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ ਤੇ ਨਰਸਰੀ ਜਮਾਤਾਂ ਦੀ ਸੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹੇ ਦੀ ਦਾਖਲਾ ਮੁਹਿੰਮ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਇਹ ਦਾਖਲਾ ਵੈਨ ਜਿਲ੍ਹੇ ਦੇ ਸਾਰੇ ਬਲਾਕਾਂ ਦੇ ਵੱਖ ਵੱਖ ਪਿੰਡਾਂ ਵਿੱਚ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਦੱਸੇਗੀ ਅਤੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰੇਗੀ।
