ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਨਵਾਂਸ਼ਹਿਰ:- ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਤੋਂ ਯੋਜਨਾ ਤਹਿਤ ਪ੍ਰਾਪਤ ਹੋਈਆਂ ਅਰਜ਼ੀਆਂ, ਮਨਜ਼ੂਰ ਕੀਤੇ ਗਏ ਕੇਸਾਂ ਅਤੇ ਵਿੱਤੀ ਸਹਾਇਤਾ ਦੀ ਵੰਡ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਮਾਵਾਂ ਅਤੇ ਧੀਆਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾ ਤਹਿਤ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਅਰਜ਼ੀਆਂ ਦੀ ਸਮੇਂ ਸਿਰ ਜਾਂਚ-ਪੜਤਾਲ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1,68,334 ਮਹਿਲਾਵਾਂ ਦੀ ਰਜਿਸਟ੍ਰੇਸ਼ਨ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਅਧੀਨ ਲੰਬਿਤ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਯੋਗ ਮਹਿਲਾਵਾਂ ਨੂੰ ਸਕੀਮ ਦਾ ਲਾਭ ਜਲਦ ਤੋਂ ਜਲਦ ਮਿਲ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਅਤੇ ਵਾਰਡ ਪੱਧਰ 'ਤੇ ਇਸ ਯੋਜਨਾ ਸਬੰਧੀ ਵਿਆਪਕ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਯੋਗ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।
ਉਨ੍ਹਾਂ ਇਹ ਵੀ ਦੱਸਿਆ ਕਿ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ।
ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
