ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਨਾਲ ਸੰਗਤਾਂ ਦੀ ਆਸਥਾ ਹੋ ਰਹੀ ਪੂਰੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ
ਲਾਲੜੂ, 13 ਸਤੰਬਰ:- ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਅੱਜ ਲਾਲੜੂ ਤੋਂ ਸੰਗਤਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਤਿੰਨ ਹੋਰ ਬੱਸਾਂ ਰਵਾਨਾ ਕੀਤੀਆਂ ਗਈਆਂ। ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜਾਸਤਨਾ ਕਲਾਂ ਤੋਂ 136ਵੀਂ, ਜਾਸਤਨਾ ਖੁਰਦ ਤੋਂ 137ਵੀਂ ਅਤੇ ਵਾਰਡ ਨੰਬਰ 8 ਤੋਂ 138ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਸੰਗਤਾਂ ਵਿੱਚ ਤੀਰਥ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਵਿਧਾਇਕ ਰੰਧਾਵਾ ਨੇ ਸੰਗਤਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀਆਂ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਸੰਗਤਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕਰਨ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਮੀਤ ਪ੍ਰਧਾਨ ਅਮਨ ਰਾਣਾ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਪਿੰਡਾਂ ਦੇ ਪੰਚ-ਸਰਪੰਚ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
