ਚੋਣਾਂ ਤੇ ਡਿਜੀਟਲ ਨਜ਼ਰ ਪੋਲਡੈਸ਼ਬੋਰਡ ਰਾਹੀਂ ਹਰ ਗਤੀਵਿਧੀ ਹੋਵੇਗੀ ਟ੍ਰੈਕ

ਚੰਡੀਗੜ੍ਹ, 05 ਮਈ - ਹਰਿਆਣਾ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਸਹੀ, ਪਾਰਦਰਸ਼ੀ ਅਤੇ ਸਮੇਂ ਸਿਰ ਨਿਗਰਾਨੀ ਯਕੀਨੀ ਬਣਾਉਣ ਦੇ ਉਦੇਸ਼ ਨਾਲ 'ਪੋਲ-ਡੈਸ਼ਬੋਰਡ ਪੋਰਟਲ ਅਤੇ ਸਬੰਧਤ ਮੋਬਾਈਲ ਐਪਲੀਕੇਸ਼ਨ ਦੀ ਪ੍ਰਭਾਵਸ਼ਾਲੀ ਵਰਤੋਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼ਾਮਲ ਹੋਏ।
ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਸ ਮੀਟਿੰਗ ਵਿੱਚ ਰਾਜ ਚੋਣ ਕਮਿਸ਼ਨ ਦੇ ਸਕੱਤਰ ਸ੍ਰੀ ਗੌਰਵ ਕੁਮਾਰ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ। ਉਨ੍ਹਾਂ ਨੇ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਾਰੇ ਸਬੰਧਤ ਅਧਿਕਾਰੀ ਪੋਲ-ਡੈਸ਼ਬੋਰਡ ਪੋਰਟਲ 'ਤੇ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਸਮੇਂ ਸਿਰ ਮੁਕੰਮਲ ਰੂਪ ਵਿੱਚ ਅਪਡੇਟ ਕਰਨ। ਇਸ ਦੇ ਨਾਲ ਹੀ ਮੋਬਾਈਲ ਐਪਲੀਕੇਸ਼ਨ ਰਾਹੀਂ ਰੀਅਲ-ਟਾਈਮ ਡਾਟਾ ਅਪਡੇਟ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਦੀ ਸਹੀ ਪਛਾਣ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਨਾਂ ਅਤੇ ਮੋਬਾਈਲ ਨੰਬਰ ਪੋਰਟਲ 'ਤੇ ਲਾਜ਼ਮੀ ਤੌਰ 'ਤੇ ਦਰਜ ਕੀਤੇ ਜਾਣ।
ਉਨ੍ਹਾਂ ਨੇ ਦੱਸਿਆ ਕਿ ਪੋਲ-ਡੈਸ਼ਬੋਰਡ ਪੋਰਟਲ ਚੋਣਾਂ ਤੋਂ ਪਹਿਲਾਂ ਅਤੇ ਵੋਟਾਂ ਵਾਲੇ ਦਿਨ ਦੀਆਂ ਗਤੀਵਿਧੀਆਂ, ਜਿਵੇਂ ਕਿ ਪੋਲਿੰਗ ਪਾਰਟੀਆਂ ਦੀ ਰਵਾਨਗੀ, ਪੋਲਿੰਗ ਸਟੇਸ਼ਨਾਂ ਤੱਕ ਉਨ੍ਹਾਂ ਦੀ ਪਹੁੰਚ, ਮੌਕ ਪੋਲ, ਵੋਟਿੰਗ ਸ਼ੁਰੂ ਹੋਣ ਦਾ ਸਮਾਂ ਅਤੇ ਸਮੇਂ-ਸਮੇਂ 'ਤੇ ਵੋਟਿੰਗ ਪ੍ਰਤੀਸ਼ਤ ਦੀ ਨਿਗਰਾਨੀ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਮੀਟਿੰਗ ਦੌਰਾਨ ਇਹ ਵੀ ਸਾਂਝਾ ਕੀਤਾ ਗਿਆ ਕਿ ਵੋਟਾਂ ਵਾਲੇ ਦਿਨ ਸਾਰੀਆਂ ਗਤੀਵਿਧੀਆਂ ਦੀ ਅਪਡੇਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ। ਵੋਟਿੰਗ ਖ਼ਤਮ ਹੋਣ ਤੋਂ ਬਾਅਦ ਈ.ਵੀ.ਐਮ. ਮਸ਼ੀਨਾਂ ਨੂੰ ਨਿਯਮਾਂ ਅਨੁਸਾਰ ਸੀਲ ਕਰਕੇ ਸੁਰੱਖਿਅਤ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਗਿਣਤੀ ਸਮੇਂ ਸਬੰਧਤ ਰਿਕਾਰਡ ਨਿਰਧਾਰਤ ਸਮੇਂ 'ਤੇ ਜਮ੍ਹਾਂ ਕਰਵਾਏ ਜਾਣ।
ਇਸ ਤੋਂ ਇਲਾਵਾ, ਸ਼ਾਮ 6:00 ਵਜੇ ਤੋਂ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਵੋਟਰਾਂ ਦੇ ਸਬੰਧ ਵਿੱਚ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਜਾਣਕਾਰੀ ਅਪਡੇਟ ਕਰਨ ਅਤੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸਮੇਂ ਸਿਰ 'ਪੋਲ ਕਲੋਜ਼' ਯਕੀਨੀ ਬਣਾਉਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ ਗਏ।
ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਤੋਂ ਫੀਡਬੈਕ ਲਈ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਰੂਰੀ ਮਾਰਗਦਰਸ਼ਨ ਦਿੱਤਾ ਗਿਆ। ਨਾਲ ਹੀ, ਵੋਟਰ ਸਲਿੱਪਾਂ ਦੀ ਵੰਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਸਾਰੇ ਵੋਟਰਾਂ ਤੱਕ ਸਲਿੱਪਾਂ ਸਮੇਂ ਸਿਰ ਪਹੁੰਚਣ।