ਡਾਇਰੈਕਟਰ ਤਰੁਣ ਅਰੋੜਾ ਵੱਲੋਂ ਨੌਜਵਾਨ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ
ਹੁਸ਼ਿਆਰਪੁਰ:- ਡਾ. ਬੀ.ਆਰ. ਅੰਬੇਦਕਰ ਸਰਕਾਰੀ ਕਾਲਜ ਮੁਖਲਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਅੱਜ ਨੌਜਵਾਨਾਂ ਅਤੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ PEDA ਦੇ ਡਾਇਰੈਕਟਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਸੈਕਟਰੀ ਤਰੁਣ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਬਲਾਕ ਦੇ ਪ੍ਰਧਾਨ ਗਣੇਸ਼ ਕੁਮਾਰ ਗਿੰਨੀ ਵੀ ਮੌਜੂਦ ਸਨ।
ਕਾਲਜ ਪਹੁੰਚਣ ’ਤੇ ਕਾਲਜ ਦੀ ਪ੍ਰਿੰਸੀਪਲ ਡਾ. ਪਾਰੁਲ ਖੰਨਾ ਅਤੇ ਕਾਲਜ ਦੇ ਸਟਾਫ਼ ਵੱਲੋਂ ਮੁੱਖ ਮਹਿਮਾਨ ਤਰੁਣ ਅਰੋੜਾ ਅਤੇ ਹੋਰ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਬੁੱਕੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਕੈਂਪ ਦੌਰਾਨ ਤਰੁਣ ਅਰੋੜਾ ਨੇ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਭਾਰਤ ਇੱਕ ਲੋਕਤੰਤਰਿਕ ਦੇਸ਼ ਹੈ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਹਰ ਯੋਗ ਨਾਗਰਿਕ ਦੀ ਵੋਟ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਕੇਂਦਰ ਸਰਕਾਰ, ਪੰਜਾਬ ਦੀ ਵਿਧਾਨ ਸਭਾ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੀ ਚੋਣ ਵਿੱਚ ਲੋਕ ਆਪਣੇ ਵੋਟ ਦੇ ਅਧਿਕਾਰ ਰਾਹੀਂ ਆਪਣੇ ਨੁਮਾਇੰਦੇ ਚੁਣਦੇ ਹਨ।
ਉਨ੍ਹਾਂ ਵਿਸ਼ੇਸ਼ ਤੌਰ ’ਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣਾ ਫਾਰਮ ਆਪਣੇ BLO (ਬੂਥ ਲੈਵਲ ਅਫ਼ਸਰ) ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਹਾਲੇ ਤੱਕ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਵਾਉਣ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ 18 ਸਾਲ ਤੋਂ ਵੱਧ ਉਮਰ ਦੇ ਹੋ ਚੁੱਕੇ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ।
ਤਰੁਣ ਅਰੋੜਾ ਨੇ ਕਿਹਾ ਕਿ ਅੱਜ ਦੇ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ’ਤੇ ਹੋਵੇਗੀ। ਇਸ ਲਈ ਹਰ ਨੌਜਵਾਨ ਦਾ ਵੋਟਰ ਬਣਨਾ ਅਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਦੇਸ਼ ਅਤੇ ਸਮਾਜ ਪ੍ਰਤੀ ਇੱਕ ਜ਼ਿੰਮੇਵਾਰੀ ਵੀ ਹੈ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਪਾਰੁਲ ਖੰਨਾ ਵੱਲੋਂ ਮੁੱਖ ਮਹਿਮਾਨ ਤਰੁਣ ਅਰੋੜਾ ਅਤੇ ਹੋਰ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਕਾਲਜ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
