ਫਾਸ਼ੀ ਹਮਲਿਆਂ ਦੇ ਵਿਰੋਧ ਵਿੱਚ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਅਤੇ ਮੁਜ਼ਾਹਰਾ
ਨਵਾਂਸ਼ਹਿਰ, 22 ਜੂਨ:- ਫਾਸ਼ੀ ਹਮਲਿਆਂ ਵਿਰੋਧੀ ਫੋਰਮ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਫਾਸ਼ੀਵਾਦ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਰੈਲੀ ਦੀ ਪ੍ਰਧਾਨਗੀ ਹਰਪਾਲ ਸਿੰਘ ਜਗਤਪੁਰ, ਕਮਲਜੀਤ ਸਨਾਵਾ ਅਤੇ ਦਸੌਂਦਾ ਸਿੰਘ ਰੁੜਕੀ ਨੇ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. (ਐਮ.ਐਲ.) ਦੇ ਆਗੂ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ, ਆਰ.ਐਮ.ਪੀ.ਆਈ. ਦੇ ਆਗੂ ਕੁਲਦੀਪ ਸਿੰਘ ਦੌੜਕਾ, ਜਸਵੀਰ ਮੋਰੋਂ, ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਭੰਗਲ, ਨਿਰੰਜਣ ਦਾਸ ਮੇਹਲੀ ਅਤੇ ਪਰਭਾਕਰ ਤਿਵਾੜੀ ਨੇ ਕਿਹਾ ਕਿ ਦੇਸ਼ ਵਿੱਚ ਜਮਹੂਰੀ ਹੱਕਾਂ ਲਈ ਉਪਲਬਧ ਸਪੇਸ ਲਗਾਤਾਰ ਘਟਦੀ ਜਾ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ-ਆਰ.ਐੱਸ.ਐੱਸ. ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਜਮਹੂਰੀ ਅਤੇ ਸੰਘੀ ਢਾਂਚੇ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਮਹਿੰਗਾਈ ਸਿਖਰਾਂ ’ਤੇ ਪਹੁੰਚ ਚੁੱਕੀ ਹੈ, ਜਦਕਿ ਲੋਕਾਂ ਦੇ ਬੁਨਿਆਦੀ ਅਧਿਕਾਰਾਂ ’ਤੇ ਵੀ ਕਈ ਤਰ੍ਹਾਂ ਦੇ ਖ਼ਤਰੇ ਮੰਡਰਾ ਰਹੇ ਹਨ।
ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਐੱਸ.ਆਈ.ਆਰ. ਦੀ ਪ੍ਰਕਿਰਿਆ ਰਾਹੀਂ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਂ ਕੱਟੇ ਜਾ ਰਹੇ ਹਨ, ਜਿਸ ਨਾਲ ਨਾਗਰਿਕਾਂ ਦੇ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਪ੍ਰਭਾਵਿਤ ਹੋ ਰਹੇ ਹਨ।
ਰੈਲੀ ਦੌਰਾਨ ਆਗੂਆਂ ਨੇ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ, ਪੰਜਾਬ ਦੇ ਹੈੱਡਵਰਕਸ ਦਾ ਪ੍ਰਬੰਧ ਪੰਜਾਬ ਨੂੰ ਸੌਂਪਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਭੰਗ ਕਰਨ, ਦਰਿਆਈ ਪਾਣੀਆਂ ਅਤੇ ਡੈਮਾਂ ਵਿੱਚ ਕੇਂਦਰ ਦੀ ਦਖ਼ਲਅੰਦਾਜ਼ੀ ਖਤਮ ਕਰਨ, ਡੈਮ ਸੇਫਟੀ ਐਕਟ ਰੱਦ ਕਰਨ, ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਅਤੇ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਸਿੱਖਿਆ ਨੀਤੀ ਨੂੰ ਰੱਦ ਕਰਨ, ਕੌਮੀ ਸੁਰੱਖਿਆ ਏਜੰਸੀ ਨੂੰ ਭੰਗ ਕਰਨ, ਸੀ.ਬੀ.ਆਈ. ਨੂੰ ਕਿਸੇ ਵੀ ਸੂਬੇ ਵਿੱਚ ਜਾਂਚ ਲਈ ਸੂਬਾ ਸਰਕਾਰ ਦੀ ਮਨਜ਼ੂਰੀ ਲਾਜ਼ਮੀ ਬਣਾਉਣ, ਸਾਰੇ ਰਾਜਨੀਤਿਕ ਬੰਦੀਆਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ, ਯੂ.ਏ.ਪੀ.ਏ., ਕੌਮੀ ਸੁਰੱਖਿਆ ਕਾਨੂੰਨ, ਗੜਬੜ-ਗ੍ਰਸਤ ਖੇਤਰ ਕਾਨੂੰਨ, ਜ਼ਰੂਰੀ ਸੇਵਾਵਾਂ ਕਾਨੂੰਨ ਸਮੇਤ ਹੋਰ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵੀ ਉਠਾਈ।
ਆਗੂਆਂ ਨੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.), ਨਾਗਰਿਕ ਰਜਿਸਟਰ (ਐਨ.ਆਰ.ਸੀ.) ਅਤੇ ਜਨਸੰਖਿਆ ਰਜਿਸਟਰ (ਐਨ.ਪੀ.ਆਰ.) ਨੂੰ ਰੱਦ ਕਰਨ, ਲੇਬਰ ਕੋਡ ਖਤਮ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਕਰਨ ਅਤੇ ਬਿਜਲੀ ਬਿੱਲ ਵਾਪਸ ਲੈਣ ਦੀ ਮੰਗ ਵੀ ਕੀਤੀ।
ਵਕਤਾਵਾਂ ਨੇ ਕਿਹਾ ਕਿ ਅਮਰੀਕੀ ਸਾਮਰਾਜਵਾਦ ਅਤੇ ਇਜ਼ਰਾਈਲ ਦੀਆਂ ਨੀਤੀਆਂ ਕਾਰਨ ਮੱਧ-ਪੂਰਬ ਜੰਗ ਦਾ ਕੇਂਦਰ ਬਣ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗਾਜ਼ਾ ਨੂੰ ਖੰਡਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਇਰਾਨ ਤੇ ਲੈਬਨਾਨ ਵਿੱਚ ਵੀ ਭਾਰੀ ਤਬਾਹੀ ਮਚਾਈ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਨੇ ਇਨ੍ਹਾਂ ਮਸਲਿਆਂ ’ਤੇ ਕੋਈ ਸਪੱਸ਼ਟ ਅਤੇ ਢੁੱਕਵਾਂ ਸਟੈਂਡ ਨਹੀਂ ਲਿਆ।
ਸਮਾਗਮ ਦਾ ਸੰਚਾਲਨ ਅਵਤਾਰ ਸਿੰਘ ਤਾਰੀ ਨੇ ਕੀਤਾ। ਰੈਲੀ ਤੋਂ ਬਾਅਦ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਵੀ ਕੀਤਾ ਗਿਆ, ਜਿਸ ਦੌਰਾਨ ਭਾਗੀਦਾਰਾਂ ਨੇ ਫਾਸ਼ੀਵਾਦ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
