ਅੱਤਿਆਚਾਰ ਰੋਕਥਾਮ ਐਕਟ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ, 2026:- ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਹੁਕਮਾਂ ਅਨੁਸਾਰ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਥਾਮ) ਐਕਟ, 1989 ਅਧੀਨ ਸਾਲ ਦੀ ਦੂਜੀ ਤਿਮਾਹੀ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਸ੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੌਰਾਨ ਸ੍ਰੀ ਅਸ਼ੀਸ਼ ਕਥੂਰੀਆ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ-ਕਮ-ਮੈਂਬਰ ਸਕੱਤਰ ਵੱਲੋਂ ਕਮੇਟੀ ਨੂੰ ਐਕਟ ਅਧੀਨ ਦਰਜ ਮਾਮਲਿਆਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਦਾਲਤਾਂ ਵਿੱਚ ਇਸ ਸਮੇਂ 12 ਕੇਸ ਵਿਚਾਰ ਅਧੀਨ ਹਨ, ਜਿਨ੍ਹਾਂ ਵਿੱਚੋਂ 6 ਕੇਸਾਂ ਵਿੱਚ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ, ਜਦਕਿ 3 ਕੇਸਾਂ ਵਿੱਚ ਪੀੜਤਾਂ ਨੂੰ ਮੁਆਵਜ਼ਾ ਜਲਦ ਮੁਹੱਈਆ ਕਰਵਾਇਆ ਜਾਵੇਗਾ। ਬਾਕੀ 3 ਕੇਸਾਂ ਵਿੱਚ ਕਾਰਵਾਈ ਜਾਰੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ 17 ਕੇਸ ਐਸ.ਐਸ.ਪੀ. ਦਫ਼ਤਰ ਵਿਖੇ ਜੇਰੇ-ਤਫ਼ਤੀਸ਼ ਚੱਲ ਰਹੇ ਹਨ। ਮੀਟਿੰਗ ਵਿੱਚ ਇਨ੍ਹਾਂ ਮਾਮਲਿਆਂ ਦੀ ਜਾਂਚ ਅਤੇ ਪੀੜਤਾਂ ਨੂੰ ਸਮੇਂ ਸਿਰ ਬਣਦਾ ਮੁਆਵਜ਼ਾ ਅਤੇ ਹੋਰ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਕਾਰਵਾਈ ਦੀ ਸਮੀਖਿਆ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਸ੍ਰੀਮਤੀ ਸੋਨਮ ਚੌਧਰੀ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਐਕਟ ਅਧੀਨ ਮੁਆਵਜ਼ੇ ਅਤੇ ਹੋਰ ਸਹੂਲਤਾਂ ਸਬੰਧੀ ਸਕੀਮ ਦੇ ਨਿਯਮਾਂ ਅਤੇ ਮਾਪਦੰਡਾਂ ਬਾਰੇ ਪੀੜਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਸਮੇਂ ਸਿਰ ਲਾਭ ਮਿਲ ਸਕੇ।
ਮੀਟਿੰਗ ਵਿੱਚ ਸ੍ਰੀ ਹਰਦੀਪ ਸਿੰਘ, ਜ਼ਿਲ੍ਹਾ ਅਟਾਰਨੀ, ਸ੍ਰੀ ਰਮਨਦੀਪ ਸਿੰਘ, ਪੰਜਾਬ ਪੁਲਿਸ, ਸ੍ਰੀ ਗੁਰਚਰਨ ਸਿੰਘ ਮਾਨ, ਖੇਤੀਬਾੜੀ ਵਿਭਾਗ, ਐਸ.ਏ.ਐਸ. ਨਗਰ ਤੋਂ ਇਲਾਵਾ ਕਮੇਟੀ ਦੇ ਗੈਰ-ਸਰਕਾਰੀ ਮੈਂਬਰ ਸ੍ਰੀ ਗੁਰਚਰਨ ਸਿੰਘ ਅਤੇ ਸ੍ਰੀ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
