ਪੰਜਾਬ ਚ ਵੰਡਪਾਊ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ, 28 ਜੁਲਾਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਸ਼ਾਂਤੀ, ਕੌਮੀ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਅਮਾਨ ਨੂੰ ਹਰ ਕੀਮਤ 'ਤੇ ਕਾਇਮ ਰੱਖਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਹ ਅੱਜ ਪਟਿਆਲਾ ਵਿਖੇ ਕਰਵਾਏ ਗਏ ‘ਇੱਕ ਸ਼ਾਮ ਸ਼ਿਵ ਕੇ ਨਾਮ’ ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਮਨਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਅਜਿਹੀ ਧਰਤੀ ਹੈ ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਚੰਗਿਆਈ ਦਾ ਬੀਜ ਪੁੰਗਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਹਰ ਧਰਮ ਦੇ ਸਤਿਕਾਰ ਨਾਲ ਬਣੀ ਹੈ।
ਉਨ੍ਹਾਂ ਕਿਹਾ, “ਪੰਜਾਬ ਵਿੱਚ ਵੰਡਪਾਊ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ। ਸੂਬੇ ਦੇ ਲੋਕ ਹਰ ਤਿਉਹਾਰ ਅਤੇ ਧਾਰਮਿਕ ਸਮਾਗਮ ਮਿਲਜੁਲ ਕੇ ਮਨਾਉਂਦੇ ਹਨ, ਜੋ ਪੰਜਾਬ ਦੀ ਅਸਲ ਰੂਹ ਨੂੰ ਦਰਸਾਉਂਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਸ ਪਵਿੱਤਰ ਅਸਥਾਨ 'ਤੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਹਾਜ਼ਰ ਹੋ ਕੇ ਉਹ ਮਾਨਵਤਾ, ਏਕਤਾ ਅਤੇ ਪਿਆਰ ਦਾ ਸੁਨੇਹਾ ਸਾਂਝਾ ਕਰਕੇ ਖੁਸ਼ੀ ਮਹਿਸੂਸ ਕਰ ਰਹੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਹਰ ਧਰਮ ਤੇ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇੱਕ ਅਜਿਹਾ ਸਮਾਜ ਬਣਾਉਣਾ ਹੈ, ਜਿੱਥੇ ਹਰ ਵਿਅਕਤੀ ਨੂੰ ਬਰਾਬਰ ਮੌਕੇ ਅਤੇ ਸਨਮਾਨ ਮਿਲੇ।
ਲੋਕ ਭਲਾਈ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ 19 ਟੌਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਕਰੀਬ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਲਗਭਗ 44,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ ਅਤੇ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਖੇਤੀਬਾੜੀ ਲਈ ਪਾਣੀ ਦੀ ਘਾਟ ਨਾ ਰਹੇ।
ਮੁੱਖ ਮੰਤਰੀ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ 1 ਜੁਲਾਈ ਤੋਂ ਯੋਗ ਔਰਤਾਂ ਨੂੰ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਆਮ ਯੋਗ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਯੋਗ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ 1 ਅਗਸਤ ਨੂੰ ਵੀ ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਦੀ ਭਲਾਈ, ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।
