ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਡੀਟੀਐੱਫ ਮੀਟਿੰਗ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੂਨ  2026:- ਪਲਸ ਪੋਲੀਓ ਮੁਹਿੰਮ ਦੇ ਨੈਸ਼ਨਲ ਰਾਊਂਡ (28 ਤੋਂ 30 ਜੂਨ) ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ (ਡੀ.ਟੀ.ਐੱਫ.) ਦੀ ਮੀਟਿੰਗ ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ  (ਪੇਂਡੂ ਵਿਕਾਸ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦਾ ਕੋਈ ਵੀ ਬੱਚਾ ਪੋਲਿਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਸਿਹਤ ਵਿਭਾਗ ਦੇ ਨਾਲ-ਨਾਲ ਹੋਰ ਸਰਕਾਰੀ ਵਿਭਾਗਾਂ, ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼), ਸਿੱਖਿਆ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਸਥਾਪਿਤ ਬੂਥਾਂ 'ਤੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਬੱਚਿਆਂ ਨੂੰ ਇਹ ਬੂੰਦਾਂ ਪਿਲਾਉਣਗੀਆਂ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਤਿਆਰ ਕੀਤੇ ਮਾਈਕ੍ਰੋਪਲਾਨ ਅਨੁਸਾਰ 18,24,800 ਦੀ ਕੁੱਲ ਆਬਾਦੀ ਅਤੇ 4,47,738 ਘਰਾਂ ਨੂੰ ਕਵਰ ਕੀਤਾ ਜਾਵੇਗਾ। ਮੁਹਿੰਮ ਦੌਰਾਨ 0 ਤੋਂ 5 ਸਾਲ ਉਮਰ ਵਰਗ ਦੇ 1,68,876 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਮੰਤਵ ਦੀ ਪੂਰਤੀ ਲਈ ਜ਼ਿਲ੍ਹੇ ਵਿੱਚ 547 ਸਥਾਈ ਬੂਥ, 23 ਟਰਾਂਜ਼ਿਟ ਬੂਥ, 1095 ਘਰ-ਘਰ ਜਾਣ ਵਾਲੀਆਂ ਟੀਮਾਂ, 148 ਮੋਬਾਈਲ ਟੀਮਾਂ ਅਤੇ 41 ਟਰਾਂਜ਼ਿਟ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਮੁਹਿੰਮ ਲਈ ਕੁੱਲ 1284 ਟੀਮਾਂ, 125 ਸੁਪਰਵਾਈਜ਼ਰ ਅਤੇ 2568 ਟੀਕਾਕਰਨ ਕਰਮਚਾਰੀ ਡਿਊਟੀ ਨਿਭਾਉਣਗੇ। ਇਸ ਤੋਂ ਇਲਾਵਾ ਹਾਈ-ਰਿਸਕ ਖੇਤਰਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਕਵਰ ਕੀਤਾ ਜਾਵੇਗਾ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਬੱਚਿਆਂ ਨੂੰ ਪੋਲਿਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੋਲਿਓ-ਮੁਕਤ ਸਮਾਜ ਦੀ ਸਥਾਪਨਾ ਲਈ ਹਰ ਮਾਪੇ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਸਮੂਹ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ, ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਨਰਸਿੰਗ  ਕਾਲਜਾਂ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ।