ਫੂਡ ਸੇਫਟੀ ਟੀਮ ਨੇ ਖਾਧ ਪਦਾਰਥਾਂ ਦੇ 6 ਸੈਂਪਲ ਭਰੇ

ਹੁਸ਼ਿਆਰਪੁਰ:- ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ, ਮਾਣਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ (IAS) ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਹੁਕਮਾਂ ਅਨੁਸਾਰ ਜਿਲਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਸ੍ਰੀ ਮਨੀਸ਼ ਸੋਢੀ ਅਤੇ ਫੂਡ ਸੇਫਟੀ ਟੀਮ ਵੱਲੋਂ ਅੱਜ ਟਾਂਡਾ ਅਤੇ ਦਸੂਹਾ ਖੇਤਰਾਂ ਵਿੱਚ ਖਾਧ ਪਦਾਰਥ ਵਿਕਰੇਤਾਵਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਲਈ ਕੁੱਲ 6 ਸੈਂਪਲ ਇਕੱਠੇ ਕੀਤੇ ਗਏ।
 ਇਨ੍ਹਾਂ ਵਿੱਚ ਗੁੜ ਬਣਾਉਣ ਵਾਲਿਆਂ ਤੋਂ ਸ਼ੱਕਰ ਦੇ 2 ਸੈਂਪਲ ਅਤੇ ਗੁੜ ਦੇ 2 ਸੈਂਪਲ ਲਏ ਗਏ। ਇਸੇ ਦੇ ਨਾਲ ਹੀ ਖਾਧ ਪਦਾਰਥ ਵਿਕਰੇਤਾਵਾਂ ਤੋਂ ਨਮਕੀਨ ਦਾ 1 ਸੈਂਪਲ ਅਤੇ ਸੀਰੀਅਲ ਆਧਾਰਿਤ ਪੇਯ ਦਾ 1 ਸੈਂਪਲ ਸ਼ਾਮਲ ਹੈ। ਇਹ ਸਾਰੇ ਸੈਂਪਲ ਟੈਸਟ ਲਈ ਫੂਡ ਲੈਬ ਖਰੜ ਭੇਜੇ ਗਏ ਹਨ ਅਤੇ ਰਿਪੋਰਟ ਪ੍ਰਾਪਤ ਹੋਣ ਉਪਰੰਤ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। 
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਿਲਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਅਫਸਰ ਮਨੀਸ਼ ਸੋਢੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਖਾਧ ਪਦਾਰਥ ਵਿਕਰੇਤਾਵਾਂ ਨੂੰ FSSAI ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਵੈਧ ਲਾਇਸੈਂਸ ਰੱਖਣ ਅਤੇ ਸਫ਼ਾਈ ਸੰਬੰਧੀ ਮਿਆਰਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। 
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਕਰੇਤਾ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਜਾਂ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਲੋਕਾਂ ਦੀ ਸਿਹਤ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।