ਐਨਐੱਸਕਿਊਐੱਫ ਅਧਿਆਪਕਾਂ ਤੇ ਪੁਲਿਸ ਕਾਰਵਾਈ ਦੀ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਨਿਖੇਧੀ

ਹੁਸ਼ਿਆਰਪੁਰ, 1 ਅਗਸਤ:- ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਕੋਟ ਫਤੂਹੀ ਨੇ ਸੰਗਰੂਰ ਵਿਖੇ ਐਨਐੱਸਕਿਊਐੱਫ (NSQF) ਅਧਿਆਪਕਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਯੂਨੀਅਨ ਦੇ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਕਿਹਾ ਕਿ ਪਿਛਲੇ ਗਿਆਰਾਂ ਸਾਲਾਂ ਤੋਂ ਵੱਧ ਸਮੇਂ ਤੋਂ ਆਊਟਸੋਰਸਿੰਗ ਪ੍ਰਣਾਲੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਐਨਐੱਸਕਿਊਐੱਫ ਅਧਿਆਪਕ ਆਪਣੇ ਹੱਕਾਂ ਅਤੇ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਸ਼ਾਂਤਮਈ ਢੰਗ ਨਾਲ "ਪੋਲ ਖੋਲ ਰੈਲੀ" ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੌਰਾਨ ਪੁਲਿਸ ਵੱਲੋਂ ਅਧਿਆਪਕਾਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਮਹਿਲਾ ਅਧਿਆਪਕਾਂ ਨਾਲ ਵੀ ਖਿੱਚ-ਧੂਹ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਮੁਲਾਜ਼ਮਾਂ ਨੂੰ ਧਰਨੇ-ਮੁਜ਼ਾਹਰੇ ਨਹੀਂ ਕਰਨੇ ਪੈਣਗੇ ਅਤੇ "ਹਰੇ ਪੈਨ" ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਪਰ ਹੁਣ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਕਾਰਵਾਈ ਕਰਵਾਉਣਾ ਸਰਕਾਰ ਦੇ ਵਾਅਦਿਆਂ ਦੇ ਉਲਟ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਆਗੂ ਪਹਿਲਾਂ ਮੁਲਾਜ਼ਮਾਂ ਦੇ ਸੰਘਰਸ਼ਾਂ ਵਿੱਚ ਸ਼ਾਮਲ ਹੋ ਕੇ ਪੱਕੇ ਰੁਜ਼ਗਾਰ ਦੇ ਵਾਅਦੇ ਕਰਦੇ ਸਨ, ਉਹੀ ਅੱਜ ਸੱਤਾ ਵਿੱਚ ਆ ਕੇ ਪੁਲਿਸ ਦੇ ਜ਼ਰੀਏ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਐਨਐੱਸਕਿਊਐੱਫ ਅਧਿਆਪਕਾਂ ਸਮੇਤ ਸਾਰੇ ਕੱਚੇ, ਆਊਟਸੋਰਸ ਅਤੇ ਸੋਸਾਇਟੀਆਂ ਅਧੀਨ ਕੰਮ ਕਰ ਰਹੇ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਕੇ ਆਪਣਾ ਚੋਣੀ ਵਾਅਦਾ ਪੂਰਾ ਕੀਤਾ ਜਾਵੇ।
ਇਸ ਮੌਕੇ ਸੰਜੀਵ ਕੁਮਾਰ, ਵਿਕਾਸ ਸ਼ਰਮਾ, ਮਲਕੀਤ ਸਿੰਘ, ਜਸਵਿੰਦਰ ਸਿੰਘ, ਲਹਿੰਬਰ ਸਿੰਘ, ਕੁਲਵਿੰਦਰ ਸਿੰਘ, ਬਖਤਾਵਰ ਸਿੰਘ, ਬਾਬੂ ਓਮ ਦੱਤ, ਜਤਿੰਦਰ ਸਿੰਘ, ਹਰਵਿੰਦਰ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।