ਹਾਈ ਰਿਸਕ ਗਰਭਵਤੀ ਮਾਵਾਂ ਨੂੰ ਡਿਲਿਵਰੀ ਪੀਐਨਸੀ ਅਤੇ ਪੋਸ਼ਟਿਕ ਖੁਰਾਕ ਸਬੰਧੀ ਕੀਤਾ ਜਾਗਰੂਕ

ਬਠਿੰਡਾ, 11 ਸਤੰਬਰ 2026:- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਈ ਰਿਸਕ ਗਰਭਵਤੀ ਮਾਵਾਂ ਦੀ ਸਿਹਤ ਸੁਰੱਖਿਆ ਅਤੇ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਤੀ ਆਮ ਆਦਮੀ ਕਲਿਨਿਕ/ਸਬ ਸੈਂਟਰ ਢਪਾਲੀ ਵਿਖੇ ਜਾਗਰੂਕ ਕੀਤਾ ਗਿਆ। ਇਸ ਮੌਕੇ ਹਾਈ ਰਿਸਕ ਗਰਭ ਅਵਸਥਾ ਦੌਰਾਨ ਸਿਹਤਮੰਦ ਰਹਿਣ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾ. ਵੰਸੀਕਾ ਨੇ ਕਿਹਾ ਕਿ ਗਰਭਵਤੀ ਮਾਵਾਂ ਅਤੇ ਹੋਣ ਵਾਲੇ ਬੱਚੇ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ ਗਰਭ ਅਵਸਥਾ ਦੌਰਾਨ ਨਿਯਮਤ ਸਿਹਤ ਜਾਂਚ, ਸਮੇਂ ਸਿਰ ਟੀਕਾਕਰਣ ਅਤੇ ਪੋਸ਼ਟਿਕ ਖੁਰਾਕ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਾਈ ਰਿਸਕ ਗਰਭਵਤੀ ਮਾਵਾਂ ਦੀ ਵਿਸ਼ੇਸ਼ ਨਿਗਰਾਨੀ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਗਰਭਵਤੀ ਮਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਜਾਂ ਖਤਰੇ ਦੇ ਸੰਕੇਤ ਨਜ਼ਰ ਆਉਣ ’ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਨ।
ਇਸ ਮੌਕੇ ਜ਼ਿਲ੍ਹਾ ਬੀ.ਸੀ.ਸੀ. ਨਰਿੰਦਰ ਕੁਮਾਰ ਨੇ ਗਰਭਵਤੀ ਮਾਵਾਂ ਨੂੰ ਹੱਥ ਧੋਣ ਦੀ ਸਹੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਣਾ ਬਣਾਉਣ ਜਾਂ ਖਾਣ ਤੋਂ ਪਹਿਲਾਂ, ਟਾਇਲਟ ਦੀ ਵਰਤੋਂ ਕਰਨ ਤੋਂ ਬਾਅਦ ਅਤੇ ਬੱਚੇ ਦੀ ਦੇਖਭਾਲ ਕਰਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਾਬਣ ਅਤੇ ਸਾਫ਼ ਪਾਣੀ ਨਾਲ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਸਹੀ ਢੰਗ ਨਾਲ ਹੱਥ ਧੋਣ ਨਾਲ ਕਈ ਤਰ੍ਹਾਂ ਦੀਆਂ ਲਾਗਾਂ ਅਤੇ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਨੂੰ ਆਪਣੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਡਾਕਟਰ ਜਾਂ ਸਿਹਤ ਕਰਮਚਾਰੀ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਖੁਰਾਕ ਵਿੱਚ ਹਰੀਆਂ ਸਬਜ਼ੀਆਂ, ਮੌਸਮੀ ਫਲ, ਦਾਲਾਂ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਅਨਾਜ ਅਤੇ ਹੋਰ ਪੋਸ਼ਟਿਕ ਭੋਜਨ ਸ਼ਾਮਲ ਕਰਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮਾਂ ਦੀ ਸਿਹਤ ਦਾ ਸਿੱਧਾ ਸਬੰਧ ਹੋਣ ਵਾਲੇ ਬੱਚੇ ਦੀ ਸਿਹਤ ਨਾਲ ਹੈ, ਇਸ ਲਈ ਗਰਭ ਅਵਸਥਾ ਦੌਰਾਨ ਸੰਤੁਲਿਤ ਖੁਰਾਕ, ਸਫ਼ਾਈ ਅਤੇ ਨਿਯਮਤ ਸਿਹਤ ਜਾਂਚ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਭਵਤੀ ਮਾਵਾਂ ਨੂੰ ਗਰਭ ਅਵਸਥਾ ਦੌਰਾਨ ਆਉਣ ਵਾਲੇ ਖਤਰੇ ਦੇ ਸੰਕੇਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਲਈ ਕਿਹਾ ਗਿਆ। ਇਸ ਮੌਕੇ ਸੀ.ਐਚ.ਓ. ਸਰਬਜੀਤ ਕੌਰ, ਹੈਲਥ ਵਰਕਰ ਬਲਦੇਵ ਸਿੰਘ, ਏ.ਐਨ.ਐਮ. ਕਰਮਜੀਤ ਕੌਰ, ਫਾਰਮੇਸੀ ਅਫ਼ਸਰ ਸੋਨੀਆ ਤੋਂ ਕਲੀਨੀਕਲ ਅਸਿਸਟੈਂਟ ਜਸਵਿੰਦਰ ਕੌਰ ਆਦਿ ਹਾਜ਼ਰ ਸਨ।