ਪੰਜਾਬ ਚ ਐਚਪੀਵੀ ਟੀਕਾਕਰਨ ਕਵਰੇਜ ਵਿੱਚ ਹੁਸ਼ਿਆਰਪੁਰ ਤੀਜੇ ਸਥਾਨ ਤੇ ਆਸ਼ਿਕਾ ਜੈਨ

ਹੁਸ਼ਿਆਰਪੁਰ:-  ਜ਼ਿਲ੍ਹੇ ਵਿੱਚ ਐਚਪੀਵੀ ਟੀਕਾਕਰਨ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਪੂਰੇ ਪੰਜਾਬ ਵਿੱਚ ਐਚਪੀਵੀ ਟੀਕਾਕਰਨ ਕਵਰੇਜ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬੱਧੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਜ਼ਿਲ੍ਹੇ ਨੂੰ ਸੂਬੇ ਵਿੱਚ ਪਹਿਲੇ ਸਥਾਨ ਤੱਕ ਪਹੁੰਚਾਉਣ ਲਈ ਤਾਲਮੇਲ ਨਾਲ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ।
           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਿੱਚ ਐਚਪੀਵੀ ਟੀਕਾਕਰਨ ਦੀ ਪ੍ਰਗਤੀ ਅਤੇ ਕਵਰੇਜ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸਿਵਲ ਸਰਜਨ ਡਾ. ਮਨਦੀਪ ਕਮਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਗਰਗ, ਸਾਰੇ ਐਸਐਮਓ, ਸਿੱਖਿਆ ਵਿਭਾਗ ਦੇ ਨੁਮਾਇੰਦੇ ਅਤੇ ਹੋਰ ਅਧਿਕਾਰੀ ਮੌਜੂਦ ਸਨ।
        ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀ ਇਹ ਉਪਲਬੱਧੀ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਸਹਿਯੋਗੀ ਵਿਭਾਗਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਸਾਰੇ ਐਸਐਮਓਜ਼ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕੀ ਕਮੇਟੀਆਂ ਨਾਲ ਨਿਯਮਿਤ ਤਾਲਮੇਲ ਬਣਾਕੇ ਹਰ ਸਕੂਲ ਵਿੱਚ ਘੱਟੋ-ਘੱਟ ਇੱਕ ਐਚਪੀਵੀ ਟੀਕਾਕਰਨ ਸੈਸ਼ਨ ਜ਼ਰੂਰ ਆਯੋਜਿਤ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਯੋਗ ਵਿਦਿਆਰਥਣਾਂ ਨੂੰ ਟੀਕਾਕਰਨ ਨਾਲ ਜੋੜਿਆ ਜਾ ਸਕੇ।
        ਉਨ੍ਹਾਂ ਕਿਹਾ ਕਿ ਸਕੂਲ ਆਧਾਰਿਤ ਟੀਕਾਕਰਨ ਰਣਨੀਤੀ ਨਾਲ ਮੁਹਿੰਮ ਨੂੰ ਹੋਰ ਗਤੀ ਮਿਲੇਗੀ ਅਤੇ ਕਵਰੇਜ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ। ਨਾਲ ਹੀ ਅਧਿਕਾਰੀਆਂ ਨੂੰ ਟੀਕਾਕਰਨ ਕੈਂਪਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਕੇ ਨਿਰਧਾਰਤ ਟੀਚੇ ਹਾਸਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
        ਆਸ਼ਿਕਾ ਜੈਨ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਐਚਪੀਵੀ ਟੀਕੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਭਰਮ 'ਤੇ ਵਿਸ਼ਵਾਸ ਨਾ ਕੀਤਾ ਜਾਵੇ। ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਵਿਗਿਆਨਕ ਤੌਰ 'ਤੇ ਪ੍ਰਮਾਣਿਤ ਹੈ, ਜੋ ਭਵਿੱਖ ਵਿੱਚ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਪ੍ਰਦਾਨ ਕਰਦਾ ਹੈ। ਉਨ੍ਹਾਂ ਮਾਪਿਆਂ ਨੂੰ ਆਪਣੀਆਂ ਯੋਗ ਧੀਆਂ ਦਾ ਟੀਕਾਕਰਨ ਕਰਵਾਉਣ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
          ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਐਚਪੀਵੀ ਟੀਕਾਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਚਪੀਵੀ ਵਾਇਰਸ ਮਹਿਲਾਵਾਂ ਵਿੱਚ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹੈ ਅਤੇ ਸਮੇਂ ਸਿਰ ਟੀਕਾਕਰਨ ਇਸ ਬਿਮਾਰੀ ਤੋਂ ਬਚਾਅ ਦਾ ਪ੍ਰਭਾਵਸ਼ਾਲੀ ਸਾਧਨ ਹੈ।
         ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਪੰਜਾਬ ਵਿੱਚ ਐਚਪੀਵੀ ਟੀਕਾਕਰਨ ਕਵਰੇਜ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹੇ ਵਿੱਚ ਬੀਣੇਵਾਲ ਪਹਿਲੇ, ਮੰਡ ਮੰਡੇਰ ਦੂਜੇ ਅਤੇ ਬੁੱਡਾਬੜ੍ਹ ਤੀਜੇ ਸਥਾਨ 'ਤੇ ਰਿਹਾ।
ਮੀਟਿੰਗ ਦੌਰਾਨ ਵੱਖ-ਵੱਖ ਬਲਾਕਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਟੀਕਾਕਰਨ ਕਵਰੇਜ ਨੂੰ ਹੋਰ ਵਧਾਉਣ ਲਈ ਭਵਿੱਖ ਦੀ ਰਣਨੀਤੀ ਵੀ ਤਿਆਰ ਕੀਤੀ ਗਈ।