ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਚ ਐਚ ਪੀ ਵੀ ਟੀਕਾਕਰਨ ਸ਼ੁਰੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਮਾਰਚ:- ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ ) ਤੋਂ ਰੋਕਥਾਮ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ. ਪੀ. ਵੀ. ਟੀਕਾਕਰਨ ਦੀ ਸ਼ੁਰੂਆਤ ਹੋ ਗਈ ਹੈ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਟੀਕਾ 14 ਤੋਂ 15 ਸਾਲ ਤਕ ਦੀਆਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ ਯਾਨੀ ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਹਾਲੇ ਆਉਣਾ ਹੈ l ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤ ਅਤੇ ਪੰਜਾਬ ਸਰਕਾਰ ਵਲੋਂ ਇਸ ਦਵਾਈ ਦੀ ਸ਼ੁਰੂਆਤ ਕੀਤੀ ਗਈ ਸੀ l
 ਇਹ ਟੀਕਾ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੀ ਕੀਮਤ ਵਿਚ ਉਪਲਭਧ ਹੈ ਜਦਕਿ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਲੱਗੇਗਾ। ਐੱਚਪੀਵੀ ਮੁਹਿੰਮ 90 ਦਿਨਾਂ ਤਕ ਚਲੇਗੀ ਤੇ ਲਾਭਪਾਤਰੀ ਵੱਲੋਂ ਆਪਣਾ ਆਧਾਰ ਕਾਰਡ ਨਾਲ ਲੈ ਕੇ ਜਾਣਾ ਜ਼ਰੂਰੀ ਹੈ।
ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਅਨੁਸਾਰ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ ਜਦਕਿ ਭਾਰਤ ਵਿੱਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ।ਔਰਤਾਂ ਵਿੱਚ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਪਾਏ ਜਾਂਦੇ ਇਸ ਗੰਭੀਰ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ ਪੀ ਵੀ) ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੇਂ ਸਿਰ ਕੀਤਾ ਗਿਆ ਟੀਕਾਕਰਨ ਇਸ ਬੀਮਾਰੀ ਤੋਂ ਬਚਾਅ ਵਿੱਚ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈl
ਸਿਵਲ ਸਰਜਨ ਨੇ ਇਸ ਜਾਨਲੇਵਾ ਰੋਗ ਤੋਂ ਬਚਾਉਣ ਲਈ ਮਾਪਿਆਂ ਨੂੰ ਆਪਣੀਆਂ ਧੀਆਂ ਦਾ ਐੱਚ ਪੀ ਵੀ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀl