ਸ਼ਹਿਰ ਵਿੱਚ ਵੱਧ ਰਹੀਆਂ ਚੋਰੀਆਂ ਕਾਰਨ ਚਿੰਤਾ ਦਾ ਮਾਹੌਲ ਸਤੀਸ਼ ਕੁਮਾਰ ਸੋਨੀ
ਗੜ੍ਹਸ਼ੰਕਰ:- ਗੜ੍ਹਸ਼ੰਕਰ ਸ਼ਹਿਰ ਵਿੱਚ ਲਗਾਤਾਰ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਵਿੱਚ ਸਹਿਮ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਹ ਵਿਚਾਰ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਸ਼ਹਿਰ ਦੀਆਂ ਲਗਭਗ 25 ਤੋਂ 30 ਦੁਕਾਨਾਂ ਵਿੱਚੋਂ ਏਅਰ ਕੰਡੀਸ਼ਨਰਾਂ (ਏ.ਸੀ.) ਦੇ ਤਾਂਬੇ ਦੇ ਪਾਈਪ ਚੋਰੀ ਹੋ ਚੁੱਕੇ ਹਨ। ਲਗਾਤਾਰ ਹੋ ਰਹੀਆਂ ਇਨ੍ਹਾਂ ਚੋਰੀਆਂ ਕਾਰਨ ਵਪਾਰੀਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਚੋਰਾਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ।
ਸਤੀਸ਼ ਕੁਮਾਰ ਸੋਨੀ ਨੇ ਕਿਹਾ ਕਿ ਏ.ਸੀ. ਦੇ ਤਾਂਬੇ ਦੇ ਪਾਈਪ ਚੋਰੀ ਕਰਨ ਵਾਲਾ ਗਿਰੋਹ ਬੇਖੌਫ ਹੋ ਕੇ ਸ਼ਹਿਰ ਵਿੱਚ ਘੁੰਮ ਰਿਹਾ ਹੈ, ਪਰ ਹੁਣ ਤੱਕ ਉਨ੍ਹਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਪੀੜਤ ਦੁਕਾਨਦਾਰਾਂ ਨੂੰ ਇਨਸਾਫ ਮਿਲ ਸਕੇ।
ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਵੀ ਅਜਿਹੀਆਂ ਘਟਨਾਵਾਂ ਦਾ ਇੱਕ ਵੱਡਾ ਕਾਰਨ ਹੋ ਸਕਦੀ ਹੈ। ਇਸ ਲਈ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਥਾਣਿਆਂ ਵਿੱਚ ਖਾਲੀ ਅਸਾਮੀਆਂ ਨੂੰ ਜਲਦ ਭਰਿਆ ਜਾਵੇ, ਤਾਂ ਜੋ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਪ੍ਰੈਸ ਰਾਹੀਂ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਵੱਧ ਰਹੀਆਂ ਚੋਰੀਆਂ 'ਤੇ ਰੋਕ ਲਗਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾਵੇ।
