ਜੰਤਰਮੰਤਰ ਵਿਖੇ ਅੱਧੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਕੀਤੀਆਂ ਮੁਅੱਤਲ

ਨਵੀਂ ਦਿੱਲੀ:- ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਜੰਤਰ-ਮੰਤਰ ਦੇ 1.5 ਕਿਲੋਮੀਟਰ ਦੇ ਘੇਰੇ ਵਿੱਚ ਅੱਧੀ ਰਾਤ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇੱਥੇ ਸੀਜੇਪੀ ਵੱਲੋਂ ਨੀਟ ਪੇਪਰ ਲੀਕ ਮਾਮਲੇ ਵਿੱਚ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਉਨ੍ਹਾਂ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਰਾਜਧਾਨੀ ਵਿੱਚ ਸੀਜੇਪੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲੀਸ ਲਾਠੀਚਾਰਜ ਵਿੱਚ ਇੱਕ ਮਹਿਲਾ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪੁਲੀਸ ਨੇ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।