ਜਗਜੀਤ ਸਿੰਘ ਡੱਲੇਵਾਲ ਨੇ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ ਮੁੜ ਠੁਕਰਾਈ

ਢਾਬੀ ਗੁੱਜਰਾਂ/ਪਟਿਆਲਾ, 3 ਜਨਵਰੀ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਖਨੌਰੀ ਬਾਰਡਰ, ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਨਾਲ ਮੁਲਾਕਾਤ ਕੀਤੀ।
 ਇਸ ਟੀਮ ਵਿੱਚ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੀ ਸ਼ਾਮਲ ਸਨ। ਇਸੇ ਦੌਰਾਨ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ ਲਈ ਗਠਿਤ ਕੀਤੀ ਉੱਚ ਪੱਧਰੀ ਡਾਕਟਰੀ ਮਾਹਿਰਾਂ ਦੀ ਟੀਮ ਨੇ ਵੀ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਖੂਨ ਦੇ ਨਮੂਨੇ ਲਏ ਅਤੇ ਉਨ੍ਹਾਂ ਨੂੰ ਤੁਰੰਤ ਆਪਣੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਵੀ ਕੀਤੀ।
ਟੀਮ ਨੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕਰਦਿਆਂ ਢੁਕਵਾਂ ਇਲਾਜ ਕਰਵਾਉਣ ਦੀ ਮੁੜ ਤੋਂ ਪੇਸ਼ਕਸ਼ ਕੀਤੀ। ਕਿਸਾਨ ਆਗੂ ਡੱਲੇਵਾਲ ਅਤੇ ਉਸ ਦੇ ਸਾਥੀਆਂ ਨੇ ਸਰਕਾਰ ਦੀ ਟੀਮ ਦੀ ਪੇਸ਼ਕਸ਼ ਨੂੰ ਮੁੜ ਠੁਕਰਾ ਦਿੱਤਾ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਿੰਦਰਾ ਮੈਡੀਕਲ ਕਾਲਜ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੀ ਮੈਡੀਕਲ ਟੀਮ ਪਹਿਲਾਂ ਹੀ ਉੱਘੇ ਕਿਸਾਨ ਆਗੂ ਦੀ ਸਿਹਤ ਦੀ ਨਿਰੰਤਰ ਦੇਖਭਾਲ ਲਈ ਤਾਇਨਾਤ ਕੀਤੀ ਗਈ ਹੈ।