ਖ਼ਾਲਸਾ ਕਾਲਜ ਵਿਖੇ ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਨ ਨੂੰ ਸਮਰਪਿਤ ਅੰਮ੍ਰਿਤਾ ਸਾਹਿਤ ਸੰਵਾਦ ਸਮਾਗਮ ਕਰਵਾਇਆ
ਗੜ੍ਹਸ਼ੰਕਰ:- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਪੰਜਾਬੀ ਦੀ ਪ੍ਰਸਿੱਧ ਸਾਹਿਤਕਾਰ, ਕਵਿੱਤਰੀ ਅਤੇ ਨਾਵਲਕਾਰ ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਨ ਨੂੰ ਸਮਰਪਿਤ ‘ਅੰਮ੍ਰਿਤਾ ਸਾਹਿਤ ਸੰਵਾਦ’ ਸਮਾਗਮ ਕਰਵਾਇਆ ਗਿਆ।
ਵਿਦਿਆਰਥੀਆਂ ਨੂੰ ਅੰਮ੍ਰਿਤਾ ਪ੍ਰੀਤਮ ਦੇ ਜੀਵਨ, ਸਾਹਿਤਕ ਰਚਨਾਵਾਂ ਅਤੇ ਪੰਜਾਬੀ ਸਾਹਿਤ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨਾਲ ਜੋੜਨ ਦੇ ਮੰਤਵ ਨਾਲ ਕਰਵਾਏ ਸਮਾਗਮ ਦੌਰਾਨ ਪੰਜਾਬੀ ਵਿਭਾਗ ਦੇ ਮੁਖੀ ਡਾ. ਨਵਜੋਤ ਕੌਰ ਨੇ ਅੰਮ੍ਰਿਤਾ ਪ੍ਰੀਤਮ ਦੇ ਜੀਵਨ, ਰਚਨਾਵਾਂ ਅਤੇ ਸਾਹਿਤਕ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਪ੍ਰੀਤਮ ਨੇ ਆਪਣੀ ਕਲਮ ਰਾਹੀਂ ਔਰਤ ਦੇ ਅੰਦਰਲੇ ਸੰਸਾਰ, ਉਸ ਦੀਆਂ ਪੀੜਾਂ, ਸੰਘਰਸ਼ਾਂ ਅਤੇ ਸੁਪਨਿਆਂ ਨੂੰ ਬੇਬਾਕੀ ਨਾਲ ਪ੍ਰਗਟ ਕੀਤਾ ਅਤੇ ਪੰਜਾਬੀ ਸਾਹਿਤ ਨੂੰ ਨਵੀਂ ਸੰਵੇਦਨਾ ਪ੍ਰਦਾਨ ਕੀਤੀ।
ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੰਮ੍ਰਿਤਾ ਪ੍ਰੀਤਮ ਸਿਰਫ਼ ਇੱਕ ਪ੍ਰਸਿੱਧ ਕਵਿੱਤਰੀ ਹੀ ਨਹੀਂ ਸਨ, ਸਗੋਂ ਉਹ ਇੱਕ ਬਹੁਪੱਖੀ ਸਾਹਿਤਕਾਰ ਅਤੇ ਆਪਣੇ ਸਮੇਂ ਤੋਂ ਅੱਗੇ ਦੀ ਸੋਚ ਰੱਖਣ ਵਾਲੀ ਸ਼ਖ਼ਸੀਅਤ ਸਨ। ਉਨ੍ਹਾਂ ਨੇ ਆਪਣੀ ਕਲਮ ਰਾਹੀਂ ਔਰਤ ਦੇ ਹੱਕ, ਉਸ ਦੀਆਂ ਭਾਵਨਾਵਾਂ ਅਤੇ ਉਸ ਦੀ ਹੋਂਦ ਦੀ ਗੱਲ ਕੀਤੀ। ਇਸ ਦੇ ਨਾਲ ਹੀ 1947 ਦੀ ਵੰਡ ਦੇ ਦਰਦ ਅਤੇ ਮਨੁੱਖੀ ਤ੍ਰਾਸਦੀ ਨੂੰ ਵੀ ਆਪਣੀਆਂ ਰਚਨਾਵਾਂ ਵਿੱਚ ਬੇਹੱਦ ਸੰਵੇਦਨਸ਼ੀਲਤਾ ਨਾਲ ਪੇਸ਼ ਕੀਤਾ।
ਉਨ੍ਹਾਂ ਵਿਦਿਆਰਥੀਆਂ ਨੂੰ ਅੰਮ੍ਰਿਤਾ ਪ੍ਰੀਤਮ ਦੀਆਂ ਰਚਨਾਵਾਂ ਪੜ੍ਹਨ ਅਤੇ ਉਨ੍ਹਾਂ ਦੀ ਸੋਚ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥਣਾਂ ਜਸਪ੍ਰੀਤ ਕੌਰ, ਰਾਜਵਿੰਦਰ ਕੌਰ ਅਤੇ ਅੰਜਲੀ ਨੇ ਆਪਣੀਆਂ ਰਚਨਾਵਾਂ ਰਾਹੀਂ ਅੰਮ੍ਰਿਤਾ ਪ੍ਰੀਤਮ ਦੀ ਸਾਹਿਤਕ ਸ਼ਖ਼ਸੀਅਤ ਅਤੇ ਉਨ੍ਹਾਂ ਦੀਆਂ ਰਚਨਾਵਾਂ ਨਾਲ ਜੁੜੇ ਵਿਚਾਰ ਸਾਂਝੇ ਕੀਤੇ।
ਅਖੀਰ ਵਿੱਚ ਡਾ. ਕੰਵਲਜੀਤ ਕੌਰ ਨੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦਾ ਸਾਹਿਤ ਦੇ ਖੇਤਰ ਲਈ ਉਪਰਾਲੇ ਕਰਨ ਲਈ ਧੰਨਵਾਦ ਕੀਤਾ। ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਪ੍ਰੋ. ਸੌਰਵ ਦਾਦਰੀ ਨੇ ਅੰਮ੍ਰਿਤਾ ਪ੍ਰੀਤਮ ਦੇ ਜੀਵਨ ਅਤੇ ਸਾਹਿਤ ਦੇ ਵੱਖ-ਵੱਖ ਪੱਖਾਂ ਬਾਰੇ ਵਿਚਾਰ ਰੱਖੇ।
ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਪ੍ਰਿਅੰਕਾ ਅਤੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਹੋਏ।
