ਗੈਰਅਧਿਕਾਰਤ ਖਾਦ ਦੀ ਵੱਡੀ ਖੇਪ ਜ਼ਬਤ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ

ਹੁਸ਼ਿਆਰਪੁਰ, 29 ਜੁਲਾਈ:- ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਕੀਟਨਾਸ਼ਕਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਕਾਰਵਾਈ ਕਰਦਿਆਂ ਗੈਰ-ਅਧਿਕਾਰਤ ਤਰੀਕੇ ਨਾਲ ਸਪਲਾਈ ਕੀਤੀ ਜਾ ਰਹੀ ਖਾਦ ਦੀ ਵੱਡੀ ਖੇਪ ਜ਼ਬਤ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਕਿਸਾਨਾਂ ਤੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਪਿੰਡ ਜਮਸ਼ੇਰ ਚਠਿਆਲ ਵਿੱਚ ਛਾਪੇਮਾਰੀ ਕੀਤੀ ਗਈ। ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਨਗੜ੍ਹ ਸਹਿਕਾਰੀ ਸਭਾ ਦੇ ਸਕੱਤਰ ਅਵਤਾਰ ਸਿੰਘ ਅਤੇ ਧੁੱਗਾ ਕਲਾਂ ਸਹਿਕਾਰੀ ਸਭਾ ਦੇ ਸਕੱਤਰ ਤਜਿੰਦਰ ਸਿੰਘ ਉਰਫ਼ ਰਾਜਾ ਵੱਲੋਂ ਸਭਾ ਰਾਹੀਂ ਖਾਦ ਮੁਹੱਈਆ ਕਰਵਾਉਣ ਦੀ ਬਜਾਏ ਸਿੱਧੇ ਉਨ੍ਹਾਂ ਦੇ ਘਰਾਂ ਵਿੱਚ ਖਾਦ ਦੀ ਸਪਲਾਈ ਕੀਤੀ ਜਾ ਰਹੀ ਸੀ।
ਕਿਸਾਨਾਂ ਦੇ ਦੋਸ਼ਾਂ ਅਨੁਸਾਰ ਸਬੰਧਤ ਸਕੱਤਰਾਂ ਨੇ ਦੱਸਿਆ ਕਿ ਇਹ ਖਾਦ ਸਿੱਧੀ ਰੈਕ ਤੋਂ ਲਿਆਂਦੀ ਗਈ ਹੈ। ਜਦੋਂ ਕਿਸਾਨਾਂ ਨੇ ਖਾਦ ਦੇ ਬਿੱਲ ਅਤੇ ਬਿਲਟੀ ਦੀ ਮੰਗ ਕੀਤੀ ਤਾਂ ਉਨ੍ਹਾਂ ਨੂੰ ਕੋਈ ਦਸਤਾਵੇਜ਼ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਕਿਸਾਨਾਂ ਨੇ ਮਾਮਲੇ ਦੀ ਸ਼ਿਕਾਇਤ ਮੁੱਖ ਖੇਤੀਬਾੜੀ ਅਫ਼ਸਰ ਕੋਲ ਕੀਤੀ।
ਸ਼ਿਕਾਇਤ ਮਿਲਦੇ ਹੀ ਡਾ. ਦਪਿੰਦਰ ਸਿੰਘ ਸੰਧੂ ਦੇ ਨਿਰਦੇਸ਼ਾਂ ’ਤੇ ਗਠਿਤ ਟੀਮ, ਜਿਸ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਭੁੰਗਾ ਮਨਪ੍ਰੀਤ, ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਡਾ. ਸਿਮਰਨਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਟੀ.ਏ.) ਹਰਪ੍ਰੀਤ ਸਿੰਘ ਸ਼ਾਮਲ ਸਨ, ਨੇ ਪਿੰਡ ਜਮਸ਼ੇਰ ਚਠਿਆਲ ਵਿੱਚ ਛਾਪੇਮਾਰੀ ਕੀਤੀ।
ਕਾਰਵਾਈ ਦੌਰਾਨ ਟੀਮ ਨੇ 299 ਬੋਰੀਆਂ ਡੀਏਪੀ ਅਤੇ 149 ਬੋਰੀਆਂ ਐਮਓਪੀ ਖਾਦ ਸਮੇਤ ਕੁੱਲ 448 ਬੋਰੀਆਂ ਖਾਦ ਜ਼ਬਤ ਕੀਤੀ। ਜ਼ਬਤ ਕੀਤੀ ਗਈ ਖਾਦ ਨੂੰ ਥਾਣਾ ਗੜ੍ਹਦੀਵਾਲਾ ਦੇ ਹਵਾਲੇ ਕਰ ਦਿੱਤਾ ਗਿਆ, ਜਦਕਿ ਡੀਏਪੀ ਅਤੇ ਐਮਓਪੀ ਦੇ ਦੋ ਨਮੂਨੇ ਜਾਂਚ ਲਈ ਵੀ ਲਏ ਗਏ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਬੰਧਤ ਮੁਲਜ਼ਮਾਂ ਖ਼ਿਲਾਫ਼ ਖਾਦ (ਕੰਟਰੋਲ) ਆਰਡਰ, 1985 ਤਹਿਤ ਲੋੜੀਂਦੀ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਗੜ੍ਹਦੀਵਾਲਾ ਵਿੱਚ ਐਫਆਈਆਰ ਦਰਜ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ, ਗੈਰ-ਕਾਨੂੰਨੀ ਕਾਰੋਬਾਰ ਜਾਂ ਬੇਨਿਯਮੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।