ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਲੈਕਚਰ ਕਰਵਾਇਆ

ਗੜ੍ਹਸ਼ੰਕਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਉਂਦੇ ਹੋਏ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਲੈਕਚਰ ਵਿਚ ਬੁਲਾਰੇ ਵਜੋਂ ਕਹਾਣੀਕਾਰ ਅਜਮੇਰ ਸਿੱਧੂ ਅਤੇ ਡਾ. ਕੇਵਲ ਰਾਮ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪ੍ਰੋ. ਲਖਵਿੰਦਰਜੀਤ ਕੌਰ ਨੇ ਵਿਸ਼ੇਸ਼ ਬੁਲਾਰਿਆਂ ਨੂੰ ਪੌਦੇ ਦੇ ਕੇ ਰਸਮੀ ਸੁਆਗਤ ਕੀਤਾ। ਪ੍ਰੋ. ਲਖਵਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਲਈ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਮਾਂ ਬੋਲੀ ਸਾਡੀ ਜ਼ਿੰਦਗੀ ਵਿਚ ਇਕ ਅਹਿਮ ਭੂਮਿਕਾ ਨਿਭਾਉਂਦੀ ਹੈ। 
ਜਦੋਂ ਅਸੀਂ ਕੋਈ ਵੀ ਭਾਸ਼ਾ ਬੋਲਦੇ ਹਾਂ ਉਹ ਆਪਣੀ ਜਗ੍ਹਾ, ਪ੍ਰੰਤੂ ਮਾਂ ਬੋਲੀ ਦਾ ਸਤਿਕਾਰ ਕਰਨਾ ਸਾਡੇ ਅਜੋਕੇ ਸਮੇਂ ਦੀ ਲੋੜ ਹੈ। ਪ੍ਰੋ. ਸੌਰਵ ਦਾਦਰੀ ਨੇ ਸਭ ਤੋਂ ਪਹਿਲਾ ਡਾ. ਕੇਵਲ ਰਾਮ ਦੇ ਜੀਵਨ ਪੱਖ ਅਤੇ ਉਨ੍ਹਾਂ ਦੀਆਂ ਸਾਹਿਤਕ ਪ੍ਰਾਪਤੀਆਂ ਬਾਰੇ ਦੱਸਦਿਆਂ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਰੂ-ਬਰੂ ਕਰਵਾਇਆ। ਡਾ. ਕੇਵਲ ਰਾਮ ਨੇ ਆਪਣੇ ਲੈਕਚਰ ਵਿਚ ਮਾਤ ਭਾਸ਼ਾ ਦੇ ਵਿਕਾਸ, ਨਿਕਾਸ, ਉਸ ਨੂੰ ਪੇਸ਼ ਆਉਣ ਵਾਲੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਸੰਭਾਵੀ ਹੱਲਾਂ ਬਾਰੇ ਗੱਲ ਕਰਦਿਆਂ ਦੱਸਿਆਂ ਕਿ ਪੰਜਾਬ ਮਾਤ ਭਾਸ਼ਾ ਨੂੰ ਬੇਸ਼ੱਕ ਪੰਜਾਬ ਦੀ ਭਾਸ਼ਾ ਕਿਹਾ ਜਾਂਦਾ ਹੈ, ਪਰ ਜਿੰਨੀਆਂ ਵੀ ਸਰਕਾਰਾਂ ਆਈਆਂ ਹਨ, ਉਨ੍ਹਾਂ ਨੇ ਆਪਣੇ ਆਪਣਏ ਤਰੀਕੇ ਨਾਲ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤਾ ਹੈ, ਜੋ ਕਿ ਇਕ ਚਿੰਤਾਂ ਦਾ ਵਿਸ਼ਾ ਹੈ। 
ਇਸ ਲਈ ਸਾਨੂੰ ਸਾਰਿਆਂ ਨੂੰ ਪੰਜਾਬ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਯੋਗ ਕਦਮ ਚੁੱਕਣੇ ਚਾਹੀਦੇ ਹਨ ਅਤੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਪ੍ਰਤੀ ਚੇਤਨਾ ਪੈਦਾ ਕਰਨੀ ਚਾਹੀਦੀ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ. ਕੰਵਲਜੀਤ ਕੌਰ ਨੇ ਪੰਜਾਬੀ ਭਾਸ਼ਾ ਬਾਰੇ ਗੱਲ ਕਰਦਿਆਂ ਕਿਹਾ ਕਿ ਮਾਤ ਭਾਸ਼ਾ ਦਾ ਨਾ ਸਿਰ ਪਰਿਵਾਰਕ ਪੱਧਰ ’ਤੇ ਬਲਕਿ ਸਮਾਜ ਦੇ ਹਰ ਪੱਧਰ ’ਤੇ ਸਤਿਕਾਰ ਹੋਣਾ ਚਾਹੀਦਾ ਹੈ। ਇਹ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦਾ ਇਕ ਸਾਧਨ ਬਣਦੇ ਹਨ। 
ਉਨ੍ਹਾਂ ਵਿਸ਼ੇਸ਼ ਮਹਿਮਾਨ ਅਜਮੇਰ ਸਿੱਧੂ ਕਹਾਣੀਕਾਰ ਦੇ ਜੀਵਨ ਪੱਖ ਅਤੇ ਸਾਹਿਤਕ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ  ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੀ ਪੰਜਾਬੀ ਸਾਹਿਤ ਨੂੰ ਦਿੱਤੀ ਦੇਣ ’ਤੇ ਚਾਨਣਾ ਪਾਇਆ। ਕਹਾਣੀਕਾਰ ਅਜਮੇਰ ਸਿੱਧੂ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬੀ ਭਾਸ਼ਾ ਨੂੰ ਨਹੀ ਪਹਿਲ ਦੇਣ ਦੀ ਗੱਲ ਨਹੀਂ ਕੀਤੀ ਬਲਕਿ ਉਨ੍ਹਾਂ ਨੇ ਹੋਰ ਭਾਸ਼ਾਵਾਂ ਨੂੰ ਵੀ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪੁਰਜ਼ੋਰ ਅਪੀਲ ਕੀਤੀ। 
ਉਨ੍ਹਾਂ ਦੱਸਿਆ ਕਿ ਸਾਨੂੰ ਮਾਤ ਭਾਸ਼ਾ ਨੂੰ ਆਪਣੇ ਜੀਵਨ ਵਿਚੋਂ ਕੱਢਣਾ ਨਹੀਂ ਚਾਹੀਦਾ ਹੈ, ਬਲਕਿ ਜਿਸ ਤਰ੍ਹਾਂ ਵੱਖ-ਵੱਖ ਦੇਸ਼ਾਂ ਨੇ ਆਪਣੀ ਮਾਂ ਬੋਲੀ ਵਿਚ ਹੀ ਸਿੱਖਿਆ ਨੂੰ ਦੇਣ ਨੂੰ ਪ੍ਰਾਥਮਿਕਤਾ ਦਿੱਤੀ ਹੈ ਉਸੇ ਤਰ੍ਹਾਂ ਸਾਡੀਆਂ ਸਰਕਾਰਾਂ ਨੂੰ ਵੀ ਇਹੋ ਜਿਹੀ ਵਿਵਸਥਾ ਕਰਨੀ ਚਾਹੀਦੀ ਹੈ ਅਤੇ ਵਿਦਿਆਰਥੀਆਂ  ਵਿਚ ਆਪਣੀ ਮਾਤ ਭਾਸ਼ਾ ਪ੍ਰਤੀ ਪਿਆਰ ਪੈਦਾ ਕਰਨ ਲਈ ਮਾਂ-ਬੋਲੀ ਨੂੰ ਪਹਿਲ ਦੇਣੀ ਚਾਹੀਦੀ ਹੈ। ਡਾ. ਕੰਵਲਜੀਤ ਕੌਰ ਨੇ ਆਏ ਬੁਲਾਰਿਆਂ ਦਾ ਧੰਨਵਾਦ ਕੀਤਾ। ਪ੍ਰੋ. ਸੌਰਵ ਦਾਦਰੀ ਨੇ ਸਟੇਜ ਸੰਚਾਲਨ ਦੀ ਭੂਮਿਕਾ ਨਿਭਾਈ। 
ਇਸ ਮੌਕੇ ਪ੍ਰੋ. ਕੰਵਰ ਕੁਲਵੰਤ ਸਿੰਘ, ਪ੍ਰੋ. ਜਾਨਕੀ ਅਗਰਵਾਰ, ਡਾ. ਮਨਬੀਰ ਕੌਰ, ਡਾ. ਸੰਘਾ ਗੁਰਬਖਸ਼ ਕੌਰ, ਡਾ. ਹਰਵਿੰਦਰ ਕੌਰ, ਪ੍ਰੋ. ਰਿਤੂ ਸਿੰਘ, ਡਾ. ਨਰੇਸ਼ ਕੁਮਾਰੀ ਪ੍ਰੋ. ਨਵਦੀਪ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਨਰਿੰਦਰ ਕੌਰ, ਪ੍ਰੋ. ਬਲਦੀਪ ਕੌਰ, ਡਾ. ਪਿ੍ਰਅੰਕਾ ਹਾਜ਼ਰ ਹੋਏ।