ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ ਦਲਵੀਰ ਸਿੰਘ ਢਿੱਲੋਂ
ਧੂਰੀ, 1 ਜੁਲਾਈ:- ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਰੰਗੀਆਂ ਵਿਖੇ ਕਰਵਾਈ ਗਈ 'ਲੋਕ ਮਿਲਣੀ' ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵ ਸੁਣੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹਰ ਯੋਗ ਸਮੱਸਿਆ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਉਦੇਸ਼ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੀਆਂ ਵਿਕਾਸ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਹਰ ਜਾਇਜ਼ ਮਸਲੇ ਦਾ ਤੁਰੰਤ ਅਤੇ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣਾ ਹੈ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾਂ, ਪਿੰਡ ਰੰਗੀਆਂ ਦੇ ਸਰਪੰਚ ਅਮ੍ਰਿਤਪਾਲ ਸਿੰਘ, ਬਲਾਕ ਪ੍ਰਧਾਨ ਬੂਟਾ ਸਿੰਘ ਸੁਲਤਾਨਪੁਰ, ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰ, ਪਾਰਟੀ ਦੇ ਆਗੂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
