ਸੜਕ ਹਾਦਸਾ ਪੀੜਤਾਂ ਲਈ ਪੀਐਮਰਾਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਓ ਆਰਟੀਓ ਇੰਦਰਪਾਲ
ਨਵਾਂਸ਼ਹਿਰ, 30 ਜੁਲਾਈ:- ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਇੰਦਰਪਾਲ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਜਾਨ ਬਚਾਉਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਪੀਐਮ-ਰਾਹਤ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸਾ ਵਾਪਰਨ ਦੀ ਸੂਰਤ ਵਿੱਚ ਜ਼ਖ਼ਮੀਆਂ ਦੀ ਤੁਰੰਤ ਮਦਦ ਕੀਤੀ ਜਾਵੇ ਅਤੇ ਬਿਨਾਂ ਕਿਸੇ ਡਰ ਜਾਂ ਝਿਝਕ ਦੇ ਉਨ੍ਹਾਂ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪਹੁੰਚਾਇਆ ਜਾਵੇ।
ਆਰਟੀਓ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੜਕ ਹਾਦਸੇ ਦੇ ਹਰ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ 24 ਤੋਂ 48 ਘੰਟੇ, ਜਿਨ੍ਹਾਂ ਨੂੰ 'ਗੋਲਡਨ ਆਵਰ' ਕਿਹਾ ਜਾਂਦਾ ਹੈ, ਜ਼ਖ਼ਮੀ ਦੀ ਜਾਨ ਬਚਾਉਣ ਲਈ ਸਭ ਤੋਂ ਮਹੱਤਵਪੂਰਨ ਹੁੰਦੇ ਹਨ। ਇਸ ਲਈ ਸਾਰੇ ਸੂਚੀਬੱਧ ਹਸਪਤਾਲਾਂ ਨੂੰ ਪੀੜਤਾਂ ਦਾ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇੰਦਰਪਾਲ ਨੇ ਦੱਸਿਆ ਕਿ ਭਾਰਤ ਦੀਆਂ ਸੜਕਾਂ 'ਤੇ ਵਾਹਨ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਹਰ ਭਾਰਤੀ ਅਤੇ ਵਿਦੇਸ਼ੀ ਨਾਗਰਿਕ ਇਸ ਯੋਜਨਾ ਦਾ ਲਾਭ ਲੈਣ ਦਾ ਹੱਕਦਾਰ ਹੈ। ਹਾਦਸੇ ਦੀ ਸਥਿਤੀ ਵਿੱਚ ਐਂਬੂਲੈਂਸ ਅਤੇ ਨਜ਼ਦੀਕੀ ਸੂਚੀਬੱਧ ਹਸਪਤਾਲ ਦੀ ਜਾਣਕਾਰੀ ਲਈ 112 ਹੈਲਪਲਾਈਨ 'ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਸੰਚਾਲਨ ਈ-ਡਾਰ ਅਤੇ ਨੈਸ਼ਨਲ ਹੈਲਥ ਅਥਾਰਟੀ ਦੇ ਟੀਐਮਐਸ 2.0 ਪੋਰਟਲ ਰਾਹੀਂ ਕੀਤਾ ਜਾਂਦਾ ਹੈ ਅਤੇ ਇਲਾਜ ਦਾ ਖਰਚਾ ਮੋਟਰ ਵਾਹਨ ਦੁਰਘਟਨਾ ਫੰਡ ਵਿੱਚੋਂ ਭਰਿਆ ਜਾਂਦਾ ਹੈ। ਹਿੱਟ ਐਂਡ ਰਨ ਦੇ ਮਾਮਲਿਆਂ ਵਿੱਚ ਇਲਾਜ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।
ਆਰਟੀਓ ਨੇ ਦੱਸਿਆ ਕਿ 'ਰਾਹ-ਵੀਰ (ਗੁੱਡ ਸਮੈਰੀਟਨ) ਯੋਜਨਾ' ਤਹਿਤ ਜੋ ਵਿਅਕਤੀ ਹਾਦਸੇ ਦੇ ਪਹਿਲੇ 60 ਮਿੰਟਾਂ ਦੇ ਅੰਦਰ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕਰਦਾ ਹੈ, ਉਸ ਨੂੰ 25,000 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਂਦਾ ਹੈ। ਇੱਕ ਵਿਅਕਤੀ ਨੂੰ ਇੱਕ ਸਾਲ ਵਿੱਚ ਵੱਧ ਤੋਂ ਵੱਧ ਪੰਜ ਵਾਰ ਇਹ ਇਨਾਮ ਦਿੱਤਾ ਜਾ ਸਕਦਾ ਹੈ। ਜੇਕਰ ਇੱਕ ਤੋਂ ਵੱਧ ਲੋਕ ਮਿਲ ਕੇ ਮਦਦ ਕਰਦੇ ਹਨ ਤਾਂ ਇਨਾਮੀ ਰਕਮ ਸਾਰਿਆਂ ਵਿੱਚ ਬਰਾਬਰ ਵੰਡੀ ਜਾਂਦੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਹਰ ਸਾਲ ਸ਼ਾਨਦਾਰ ਰਾਹ-ਵੀਰਾਂ ਨੂੰ ਰਾਸ਼ਟਰੀ ਪੱਧਰ 'ਤੇ 1 ਲੱਖ ਰੁਪਏ ਦੀ ਇਨਾਮੀ ਰਕਮ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।
ਇੰਦਰਪਾਲ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਰਾਹ-ਵੀਰ ਨੂੰ ਪੁਲਿਸ ਜਾਂ ਹਸਪਤਾਲ ਵੱਲੋਂ ਬੇਲੋੜੀ ਪੁੱਛਗਿੱਛ, ਐੱਫਆਈਆਰ ਦਰਜ ਕਰਵਾਉਣ ਜਾਂ ਗਵਾਹ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਜ਼ਖ਼ਮੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਤੋਂ ਬਾਅਦ ਉਹ ਤੁਰੰਤ ਉੱਥੋਂ ਜਾ ਸਕਦਾ ਹੈ। ਸਥਾਨਕ ਪੁਲਿਸ ਅਤੇ ਡਾਕਟਰ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਮੁਲਾਂਕਣ ਕਮੇਟੀ ਦੀ ਸਿਫ਼ਾਰਸ਼ 'ਤੇ ਇਨਾਮੀ ਰਕਮ ਪੀਐੱਫਐੱਮਐੱਸ ਰਾਹੀਂ ਸਿੱਧੀ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ।
