ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿੱਚ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਜੈਤੋ, 24 ਦਸੰਬਰ:- ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਮੁਕਤਸਰ ਸਾਹਿਬ ਰੋਡ ਜੈਤੋ, ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਸ਼ਹੀਦੀ ਦੇ ਦਿਹਾੜੇ ਨੂੰ ਸਮਰਪਿਤ ਸੁੱਖਾਂ ਦੀ ਮਨੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਵਿਦਿਆਰਥੀ ਤੇ ਅਧਿਆਪਕਾਂ ਵੱਲੋਂ ਬੜੇ ਹੀ ਸ਼ਰਧਾ ਨਾਲ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਚਾਰ ਸਾਹਿਬਜ਼ਾਦਿਆਂ ਨਾਲ ਸਬੰਧ ਸ਼ਬਦਾਂ ਅਤੇ ਕਵਿਤਾਵਾਂ ਦਾ ਉਚਾਰਨ ਕੀਤਾ ਗਿਆ।
ਅਨੰਦ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕਰਕੇ ਪੰਚਮ ਕੜਾਹ ਪ੍ਰਸ਼ਾਦ ਵਰਤਾਇਆ ਗਿਆ। ਇਸ ਤੋਂ ਇਲਾਵਾ ਪੰਜਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਫਿਲਮ ਵੀ ਦਿਖਾਈ ਗਈ। ਤਾਂ ਕਿ ਉਹ ਦਸ਼ਮ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਸਿੱਖ ਧਰਮ ਦੀ ਰਾਖੀ ਲਈ ਕੀਤੇ ਗਈਆਂ ਕੁਰਬਾਨੀਆਂ ਨੂੰ ਯਾਦ ਰੱਖਣ। ਅਤੇ ਉਹ ਸਿੱਖ ਧਰਮ ਨਾਲ ਜੁੜੇ ਰਹਿਣ।
ਸਕੂਲ ਦੇ ਪ੍ਰਿੰਸੀਪਲ ਸੁਖਵੀਰ ਕੌਰ ਬਰਾੜ ਨੇ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਬਾਬਾ, ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੇ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।
ਸਿੱਖ ਕੌਮ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਲ ਕੰਬਾ ਦੇਣ ਵਾਲੀ ਹੈ, ਗੁਰੂ ਸਾਹਿਬ ਦੇ ਪਰਿਵਾਰ ਨੇ ਵਤਨ ਦੀ ਸ਼ਾਨ ਨੂੰ ਵਧਾਇਆ ਸ਼ਹੀਦਾਂ ਦੇ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਦੀ ਸ਼ਹਾਦਤ ਹਮੇਸ਼ਾ ਅਮਰ ਰਹੇਗੀ। ਮੈਡਮ ਨੇ ਕਿਹਾ ਕਿ ਅੱਜ ਸਮਾਂ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਮਹਾਨ ਸ਼ਹੀਦਾਂ ਦੀਆਂ ਜੀਵਨੀਆਂ ਤੇ ਉਹਨਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਈਏ ਕਿਉਂਕਿ ਇਸੇ ਵਿੱਚ ਹੀ ਸਾਡੀ ਸਭ ਦੀ ਭਲਾਈ ਹੈ।
