ਬੰਦ ਦੇ ਸੱਦੇ ਤੇ ਮੌੜ ਮੰਡੀ ਮੁਕੰਮਲ ਬੰਦ,ਚੌਕ ਵਿੱਚ ਦਿੱਤਾ ਧਰਨਾ

ਮੌੜ ਮੰਡੀ- ਭਾਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਬੰਦ ਦੇ ਸੱਦੇ ਤੇ ਅੱਜ ਮੌੜ ਮੰਡੀ ਪੂਰਨ ਤੌਰ ਤੇ ਬੰਦ ਰਿਹਾ ਤੇ ਬਠਿੰਡਾ ਭਵਾਨੀਗੜ੍ਹ ਰਾਜ ਮਾਰਗ ਤੇ ਬਣੇ ਚੌਕ ਵਿੱਚ ਧਰਨਾ ਦਿੱਤਾ ਗਿਆ ਜਿਸ ਵਿਚ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਮੌੜ ਕਲਾਂ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਤੋਂ ਇਲਾਵਾ ਹੋਰ ਵੀ ਕਈ ਕਿਸਾਨ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ। 
ਧਰਨੇ ਨੂੰ ਸੰਬੋਧਨ ਕਰਦੇ ਹੋਏ ਪਹਿਲਵਾਨ ਇੰਪਲਾਈਜ ਫੈਡਰੇਸ਼ਨ ਦੇ ਆਗੂ ਰਣਜੀਤ ਸਿੰਘ ਰਾਣਾ(ਪੀ ਐੱਸ ਪੀ ਸੀ ਐੱਲ) ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਅੰਬਾਨੀ ਤੇ ਅਡਾਨੀ ਵਰਗੇ ਧਨਾਢ ਲੋਕਾਂ ਦੇ ਹੱਥਾਂ ਦੀ ਕਠਪੁਤਲੀ ਬਣੀ ਹੋਈ ਹੈ ਕੇਂਦਰ ਦੀ ਮੋਦੀ ਸਰਕਾਰ ਨੇ ਸਰਕਾਰੀ ਅਦਾਰਿਆਂ ਜਿਵੇਂ ਰੇਲਵੇ, ਏਅਰਪੋਰਟ ਆਦਿ ਦਾ ਨਿੱਜੀਕਰਨ ਕਰਕੇ ਇਹ ਸਾਬਿਤ ਕਰ ਦਿੱਤਾ ਹੈ। 
ਪੰਜਾਬ ਜਿਸਨੇ ਹਮੇਸ਼ਾ ਦੇਸ਼ ਦਾ ਢਿੱਡ ਭਰਿਆ ਹੈ ਅੱਜ ਉਸਨੂੰ ਨਸ਼ੇੜੀ ਕਹਿ ਕੇ ਸੰਬੋਧਨ ਕੀਤਾ ਜਾ ਰਿਹਾ ਹੈ ਪੰਜਾਬ ਦਾ ਕਿਸਾਨ ਸੜਕਾਂ ਤੇ ਧੱਕੇ ਖਾ ਰਿਹਾ ਹੈ ਤੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ।ਇਹ ਸਭ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਹੈ।ਇਸ ਲਈ ਸਾਨੂੰ ਸਾਰਿਆਂ ਨੂੰ ਕੇਂਦਰ ਸਰਕਾਰ ਦੀਆਂ ਇਹਨਾਂ ਮਾੜੀਆਂ ਨੀਤੀਆਂ ਖਿਲਾਫ ਡਟਕੇ ਖੜਨ ਦੀ ਲੋੜ ਹੈ। 
ਇਸ ਤੋਂ ਇਲਾਵਾ ਧਰਨੇ ਨੂੰ ਦਰਸ਼ਨ ਸਿੰਘ,ਜਗਦੀਸ਼ ਸਿੰਘ,ਰਮਨਦੀਪ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਏ।