ਮਹਿਮਦਵਾਲ ਸਕੂਲ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਗਿਰਧਾਰੀ ਲਾਲ ਸਕਾਲਰਸ਼ਿਪ ਪ੍ਰਦਾਨ ਕੀਤਾ
ਹੁਸ਼ਿਆਰਪੁਰ:- ਪਿੰਡ ਮਹਿਮਦਵਾਲ ਦੇ ਸਰਕਾਰੀ ਮਿਡਲ ਸਕੂਲ ਤੇ ਅੱਠਵੀਂ ਕਲਾਸ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਦਾ ਆਯੋਜਨ ਸਕੂਲ ਮੁਖੀ ਸੁਨੀਲ ਕੁਮਾਰ ਅਤੇ ਮੈਡਮ ਜਸਵੀਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ਵਿੱਚ ਸਕੂਲ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ,ਮਾਪੇ ਅਤੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।
ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰ ਹੋਏ ਇਸੇ ਪਿੰਡ ਦੇ ਜੰਮਪਲ ਸ਼੍ਰੋਮਣੀ ਬਾਲ ਸਾਹਿਤ ਲੇਖਕ ਬਲਜਿੰਦਰ ਮਾਨ ਨੇ ਵਿਦਿਆਰਥੀਆਂ ਨੂੰ ਸ਼੍ਰੀ ਗਰਧਾਰੀ ਲਾਲ ਯਾਦਗਾਰੀ ਸਕਾਲਰਸ਼ਿਪ ਪ੍ਰਦਾਨ ਕਰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਦਿਨ ਰਾਤ ਮਿਹਨਤ ਕਰਦੇ ਹਨ ਉਹ ਉੱਚੀਆਂ ਤੇ ਸੁੱਚੀਆਂ ਮੰਜ਼ਿਲਾਂ ਪ੍ਰਾਪਤ ਕਰਦੇ ਹਨ। ਇਸ ਲਈ ਸਾਡੀ ਜ਼ਿੰਮੇਵਾਰੀ ਇਹ ਹੈ ਕਿ ਅਸੀਂ ਇਸ ਕੀਮਤੀ ਸਮੇਂ ਦਾ ਲਾਭ ਉਠਾਈਏ ਅਤੇ ਮਿਹਨਤ ਕਰਕੇ ਸ਼ਾਨਦਾਰ ਪ੍ਰਾਪਤੀਆਂ ਕਰੀਏ।
ਉਹਨਾਂ ਸਕੂਲ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵੰਨ ਸੁਵੰਨੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਮਾਪਿਆਂ ਨੂੰ ਸਕੂਲ ਸਰਗਰਮੀਆਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਅੱਠਵੀਂ ਜਮਾਤ ਦੇ ਟੌਪਰ ਵਿਦਿਆਰਥੀ ਆਲਮ ਪੁੱਤਰ ਰਹਿਮਤ ਅਲੀ, ਹਰਪ੍ਰੀਤ ਪੁੱਤਰੀ ਵਿਕਾਸ, ਲੋਕੇਸ਼ ਕੁਮਾਰ ਪੁੱਤਰ ਬਲਵਿੰਦਰ ਸਿੰਘ ਨੂੰ ਨਗਦ ਸਕਾਲਰਸ਼ਿਪ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੇ ਭਰੋਸਾ ਦਿੱਤਾ ਕਿ ਉਹ ਇਸੇ ਤਰ੍ਹਾਂ ਮਿਹਨਤ ਜਾਰੀ ਰੱਖ ਕੇ ਆਉਣ ਵਾਲੀਆਂ ਜਮਾਤਾਂ ਵਿੱਚ ਵੀ ਸ਼ਾਨਦਾਰ ਮੱਲਾਂ ਮਾਰਨਗੇ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜਿਸ ਰਾਹੀਂ ਉਹਨਾਂ ਆਪਣੇ ਸਾਥੀਆਂ ਨੂੰ ਕੁਰੀਤੀਆਂ ਛੱਡਣ ਅਤੇ ਚੰਗਿਆਈਆਂ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ। ਅੰਸ਼ ਮਾਨ ਨੇ ਕਿਹਾ ਕਿ ਪੁਸਤਕਾਂ ਮਨੁੱਖ ਦੀਆਂ ਸਭ ਤੋਂ ਉੱਤਮ ਸਾਥੀ ਹਨ। ਚੇਅਰ ਪਰਸਨ ਸੁਖਵਿੰਦਰ ਕੌਰ ਅਤੇ ਸਕੂਲ ਮੁਖੀ ਸੁਨੀਲ ਕੁਮਾਰ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਆਪਣਾ ਯੋਗਦਾਨ ਜ਼ਰੂਰ ਦੇਣਾ ਚਾਹੀਦਾ ਹੈ। ਜਿਹੜੇ ਵਿਦਿਆਰਥੀ ਮਾਪਿਆਂ ਅਤੇ ਅਧਿਆਪਕਾਂ ਦੇ ਕਹਿਣੇਕਾਰ ਹਨ ਉਹ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਦੇ ਹਨ।
