ਵਿਧਾਇਕ ਡਾ ਇਸ਼ਾਂਕ ਕੁਮਾਰ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਈਰਿਕਸ਼ਾ ਰਵਾਨਾ

ਹੁਸ਼ਿਆਰਪੁਰ:- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਇੱਥੇ ਨਸ਼ਾ ਵਿਰੋਧੀ ਜਾਗਰੂਕਤਾ ਈ-ਰਿਕਸ਼ਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਜਾਗਰੂਕਤਾ ਈ-ਰਿਕਸ਼ਾ ਨੂੰ ਰਵਾਨਾ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਸ਼ੁਰੂ ਕਰਕੇ ਨਸ਼ਿਆਂ ਖਿਲਾਫ ਜਾਗਰੂਕਤਾ ਦੇ ਨਾਲ-ਨਾਲ ਵੱਡੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਇੱਕ ਪਾਸੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ।
ਵਿਧਾਇਕ ਡਾ.ਇਸ਼ਾਂਕ ਕੁਮਾਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਰਕਾਰ ਇਕੱਲੀ ਸਫਲ ਨਹੀਂ ਹੋ ਸਕਦੀ ਸਗੋਂ ਸਮਾਜ ਦੇ ਹਰ ਵਰਗ ਦੇ ਸਹਿਯੋਗ ਅਤੇ ਸਰਗਰਮ ਭਾਈਵਾਲ਼ੀ ਨਾਲ ਇਹ ਮਿਸ਼ਨ ਫਤਹਿ ਕੀਤਾ ਜਾ ਸਕਦਾ ਹੈ।  ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਈ-ਰਿਕਸ਼ਾ ਚੱਬੇਵਾਲ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ  ਬਾਰੇ ਜਾਣਕਾਰੀ ਦੇਵੇਗੀ।
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ 'ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਸਿੱਖਿਆ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਪਿੰਡ ਪੱਧਰ 'ਤੇ ਜਾਗਰੂਕਤਾ ਪੈਦਾ ਕਰਨੀ ਬਹੁਤ ਜ਼ਰੂਰੀ ਹੈ। 
ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਾਗਰੂਕਤਾ ਮੁਹਿੰਮਾਂ ਦੇ ਨਾਲ-ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੂਰਾ ਸਹਿਯੋਗ ਦੇਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਮਿਲ ਕੇ ਕੰਮ ਕਰਨ।