ਵਿਧਾਇਕ ਰੰਧਾਵਾ ਨੇ ਲਾਲੜੂ ਨੂੰ ਸਬਤਹਿਸੀਲ ਦਾ ਦਰਜਾ ਦੇਣ ਲਈ ਵਿਧਾਨ ਸਭਾ ਵਿੱਚ ਚੁੱਕਿਆ ਮੁੱਦਾ
ਲਾਲੜੂ, 10 ਮਾਰਚ: ਡੇਰਾਬੱਸੀ ਹਲਕੇ ਤੋਂ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਲਾਲੜੂ ਸ਼ਹਿਰ ਵਿੱਚ ਸਬ-ਤਹਿਸੀਲ ਬਣਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਲਾਲੜੂ ਵਪਾਰ ਮੰਡਲ ਨਾਲ ਹੋਈ ਮੀਟਿੰਗ ਦੌਰਾਨ ਵਪਾਰੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਲਾਲੜੂ ਵਿੱਚ ਸਬ-ਤਹਿਸੀਲ ਬਣਾਉਣ ਦੀ ਮੰਗ ਕੀਤੀ ਗਈ ਸੀ। ਇਸ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਇਹ ਮਾਮਲਾ ਵਿਧਾਨ ਸਭਾ ਵਿੱਚ ਰੱਖਿਆ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਲਾਲੜੂ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਰੇਵਨਿਊ ਸਬੰਧੀ ਕੰਮਾਂ ਲਈ ਦੂਰ ਜਾਣਾ ਪੈਂਦਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲਾਲੜੂ ਵਿੱਚ ਸਬ-ਤਹਿਸੀਲ ਬਣਾਈ ਜਾਂਦੀ ਹੈ ਤਾਂ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਨ ਸਭਾ ਵਿੱਚ ਆਪਣੀ ਗੱਲ ਰੱਖਦਿਆਂ ਰੰਧਾਵਾ ਨੇ ਦੱਸਿਆ ਕਿ ਡੇਰਾਬੱਸੀ ਵਿਧਾਨ ਸਭਾ ਹਲਕੇ ਦੀ ਆਬਾਦੀ ਲਗਭਗ 15 ਲੱਖ ਦੇ ਕਰੀਬ ਹੈ ਅਤੇ ਉਹ ਦਾਅਵੇ ਨਾਲ ਕਹਿ ਸਕਦੇ ਹਨ ਕਿ 117 ਹਲਕਿਆਂ ਵਿੱਚੋਂ ਸਭ ਤੋਂ ਵੱਧ ਆਬਾਦੀ ਉਨ੍ਹਾਂ ਦੇ ਹਲਕੇ ਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਸਬ-ਤਹਿਸੀਲ ਦੀ ਮੰਗ ਕੀਤੀ ਗਈ ਹੈ, ਉਸ ਖੇਤਰ ਵਿੱਚ ਲਗਭਗ 40 ਪਿੰਡ, ਦੋ ਸ਼ਹਿਰ ਅਤੇ ਇੱਕ ਲੱਖ ਤੋਂ ਵੱਧ ਆਬਾਦੀ ਆਉਂਦੀ ਹੈ, ਜੋ ਕਿ ਸਬ-ਡਿਵੀਜ਼ਨ ਦੇ ਮਿਆਰਾਂ ਨੂੰ ਪੂਰਾ ਕਰਦੀ ਹੈ।
ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਲੋਕਾਂ ਦੀ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਜਲਦ ਪੂਰਾ ਕਰੇਗੀ।
