ਐਮ ਐਲ ਏ ਰੰਧਾਵਾ ਵੱਲੋਂ ਝੋਨੇ ਦੀ ਆਮਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਪ੍ਰਬੰਧਾਂ ਦੀ ਸਮੀਖਿਆ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਸਤੰਬਰ:-ਵਿਧਾਨ ਸਭਾ ਹਲਕਾ ਡੇਰਾਬੱਸੀ ਅਧੀਨ ਪੈਂਦੀਆਂ ਦਾਣਾ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਫ਼ਸਲ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਾਉਣ ਲਈ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਖਰੀਦ ਏਜੰਸੀਆਂ, ਮਾਰਕੀਟ ਕਮੇਟੀਆਂ, ਆੜ੍ਹਤੀਆਂ ਅਤੇ ਸਬ-ਡਿਵੀਜ਼ਨ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਿਧਾਇਕ ਰੰਧਾਵਾ ਨੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਲਕੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਅਗਾਊਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਵੀ ਮੰਡੀ ਵਿੱਚ ਪਹੁੰਚਣ ਵਾਲੀ ਫ਼ਸਲ ਦੀ ਸਮੇਂ ਸਿਰ ਖਰੀਦ ਅਤੇ ਲਿਫ਼ਟਿੰਗ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਕਿਸਾਨਾਂ ਨੂੰ ਬਿਨਾਂ ਕਿਸੇ ਬੇਲੋੜੀ ਉਡੀਕ ਦੇ ਮੰਡੀਆਂ ਤੋਂ ਵਿਹਲਾ ਕੀਤਾ ਜਾ ਸਕੇ।
ਸ੍ਰੀ ਰੰਧਾਵਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਝੋਨੇ ਦੇ ਸੀਜ਼ਨ ਦੌਰਾਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਬਨੂੜ ਅਤੇ ਰਾਜਪੁਰਾ ਨਾਲ ਲੱਗਦੇ ਇਲਾਕਿਆਂ ਵਿੱਚ ਸਬਜ਼ੀਆਂ ਦੀ ਕਾਸ਼ਤ ਹੋਣ ਕਾਰਨ ਝੋਨੇ ਦੀ ਫ਼ਸਲ ਕੁਝ ਖੇਤਰਾਂ ਵਿੱਚ ਅਗੇਤੀ ਤਿਆਰ ਹੋ ਜਾਂਦੀ ਹੈ, ਜਿਸ ਦੇ ਮੱਦੇਨਜ਼ਰ ਮੰਡੀਆਂ ਵਿੱਚ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੌਸਮ ਦੀ ਖ਼ਰਾਬੀ ਤੋਂ ਬਚਾਉਣ ਲਈ ਮੰਡੀਆਂ ਵਿੱਚ ਵੱਧ ਤੋਂ ਵੱਧ ਸ਼ੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀ ਪ੍ਰਬੰਧਨ ਨਾਲ ਸਬੰਧਤ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਪੱਧਰ ’ਤੇ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਵਿਧਾਇਕ ਨੇ ਮੀਟਿੰਗ ਵਿੱਚ ਸ਼ਾਮਲ ਕਿਸਾਨ ਵਿੰਗ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕੀ ਅਤੇ ਨਿਰਧਾਰਤ ਨਮੀ ਵਾਲੀ ਝੋਨੇ ਦੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਫ਼ਸਲ ਸੁੱਕਣ ਦੀ ਉਡੀਕ ਵਿੱਚ ਮੰਡੀ ਵਿੱਚ ਨਾ ਰੁਕਣਾ ਪਵੇ ਅਤੇ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਸਕੇ।
ਇਸ ਮੌਕੇ ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮਾਰਕੀਟ ਕਮੇਟੀ ਡੇਰਾਬੱਸੀ ਅਤੇ ਲਾਲੜੂ ਦੇ ਅਧਿਕਾਰੀ, ਅਨਾਜ ਮੰਡੀਆਂ ਦੇ ਆੜ੍ਹਤੀ, ਕਿਸਾਨ ਵਿੰਗ ਦੇ ਨੁਮਾਇੰਦੇ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਵਰਿੰਦਰ ਕੁਮਾਰ ਅਤੇ ਐਸ.ਡੀ.ਐਮ. ਡੇਰਾਬੱਸੀ ਸ੍ਰੀ ਅਮਿਤ ਗੁਪਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।