ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਦਾਣਾ ਮੰਡੀ ਬੰਗਾ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
ਬੰਗਾ/ਨਵਾਂਸ਼ਹਿਰ:- ਵਿਧਾਇਕ ਹਲਕਾ ਬੰਗਾ ਸੁਖਵਿੰਦਰ ਕੁਮਾਰ ਸੁੱਖੀ ਨੇ ਬੁੱਧਵਾਰ ਨੂੰ ਦਾਣਾ ਮੰਡੀ ਬੰਗਾ ਵਿਖੇ ਚੱਲ ਰਹੇ ਕਣਕ ਦੀ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ‘ਤੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੀ ਹਾਜ਼ਰ ਸਨ। ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਲਾਗੂ ਕੀਤੇ ਗਏ ਹਨ। ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਦੌਰੇ ਦੌਰਾਨ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਦੇ ਨਾਲ-ਨਾਲ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਸਮੇਂ ਸਿਰ ਭੁਗਤਾਨ ਅਤੇ ਕਣਕ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਸਾਨਾਂ ਦੁਆਰਾ ਲਿਆਂਦੇ ਗਏ ਹਰੇਕ ਦਾਣੇ ਦੀ ਖਰੀਦ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਅਦਾਇਗੀ ਸਿੱਧੇ ਤੌਰ 'ਤੇ ਆਨਲਾਈਨ ਪ੍ਰਣਾਲੀਆਂ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਮੇਂ ਸਿਰ ਟ੍ਰਾਂਸਫਰ ਕੀਤੀ ਜਾ ਰਹੀ ਹੈ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪ੍ਰਬੰਧ ਮੁਕੰਮਲ ਕੀਤੇ ਗਏ ਗਏ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ।
ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਆਰਾਮਦਾਇਕ ਮਾਹੌਲ ਪ੍ਰਦਾਨ ਕਰਨ ਲਈ ਸਾਫ਼ ਪੀਣ ਵਾਲਾ ਪਾਣੀ, ਲੋੜੀਂਦੀ ਰੋਸ਼ਨੀ, ਬੈਠਣ ਦੀ ਵਿਵਸਥਾ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਨੂੰ ਸੁੱਕਾ ਕੇ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਜਿਆਦਾ ਸਮਾਂ ਨਾ ਰੁਕਣਾ ਪਵੇ। ਇਸ ਮੌਕੇ ‘ਤੇ ਮਾਰਕੀਟ ਕਮੇਟੀ ਸਕੱਤਰ ਵਿਰਿੰਦਰ ਸਿੰਘ ਵੀ ਹਾਜ਼ਰ ਸਨ।
