ਕਰਨਾਲ, 25 ਨਵੰਬਰ (ਪ੍ਰਵੀਨ ਵਾਲੀਆ):- ਵਿਧਾਇਕ ਜਗਮੋਹਨ ਆਨੰਦ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਐਲਾਨਾਂ ਦੀ ਸਮੀਖਿਆ ਸਬੰਧੀ ਮੀਟਿੰਗ ਵਿੱਚ ਹਿੱਸਾ ਲਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸਾਰੇ ਵਿਧਾਇਕਾਂ ਨਾਲ ਏਸੀਐਸ ਪੱਧਰ ਦੇ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਵਨ-ਟੂ-ਵਨ ਮੀਟਿੰਗ ਕੀਤੀ ਗਈ। ਇਸ ਦੌਰਾਨ ਵਿਧਾਇਕ ਜਗਮੋਹਨ ਆਨੰਦ ਨੇ ਕਰਨਾਲ ਵਿਧਾਨ ਸਭਾ ਹਲਕੇ ਨਾਲ ਸਬੰਧਤ ਮੁੱਖ ਮੰਤਰੀ ਦੇ ਐਲਾਨਾਂ ਤਹਿਤ ਲੰਬਿਤ ਮੰਗਾਂ ਅਤੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।
ਵਿਧਾਇਕ ਜਗਮੋਹਨ ਆਨੰਦ ਨੇ ਦੱਸਿਆ ਕਿ ਕਰਨਾਲ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਨੂੰ ਵੀ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਖ਼ਾਸ ਤੌਰ ’ਤੇ ਕਰਨਾਲ ਦੇ ਕਰਨ ਸਟੇਡੀਅਮ ਦੇ ਵਿਕਾਸ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਲਗਾਤਾਰ ਵਧ ਰਹੀ ਹੈ। ਹਰਿਆਣਾ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਤਗਮੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਰਨ ਸਟੇਡੀਅਮ ਵਿੱਚ ਜਲਦੀ ਹੀ 6 ਨਵੇਂ ਬੈਡਮਿੰਟਨ ਕੋਰਟ ਅਤੇ ਇੱਕ ਵੱਡੇ ਬਾਕਸਿੰਗ ਹਾਲ ਦਾ ਨਿਰਮਾਣ ਕਰਵਾਇਆ ਜਾਵੇਗਾ। ਇਸ ਲਈ ਡਰਾਇੰਗ ਅਤੇ ਐਸਟੀਮੇਟ ਸਬੰਧਤ ਵਿਭਾਗ ਨੂੰ ਭੇਜੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਖਿਡਾਰੀਆਂ ਅਤੇ ਦਰਸ਼ਕਾਂ ਦੀ ਸਹੂਲਤ ਲਈ ਬੈਠਣ ਵਾਸਤੇ ਪੌੜੀਨੁਮਾ ਸਟੈਂਡ ਬਣਾਉਣ ਦੀਆਂ ਸੰਭਾਵਨਾਵਾਂ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਕਰਨਾਲ ਨੂੰ ਖੇਡ ਸਹੂਲਤਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਵਿਕਾਸ ਕਾਰਜਾਂ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਮੀਟਿੰਗ ਦੌਰਾਨ ਉਠਾਈਆਂ ਗਈਆਂ ਸਾਰੀਆਂ ਲੰਬਿਤ ਮੰਗਾਂ ਬਾਰੇ ਅਧਿਕਾਰੀਆਂ ਨਾਲ ਚਰਚਾ ਕੀਤੀ ਗਈ ਹੈ ਅਤੇ ਉਨ੍ਹਾਂ ਦਾ ਯਤਨ ਰਹੇਗਾ ਕਿ ਕਰਨਾਲ ਵਿਧਾਨ ਸਭਾ ਹਲਕੇ ਦੇ ਸਾਰੇ ਪ੍ਰਸਤਾਵਿਤ ਅਤੇ ਲੰਬਿਤ ਵਿਕਾਸ ਕਾਰਜ ਜਲਦੀ ਤੋਂ ਜਲਦੀ ਪੂਰੇ ਕਰਵਾਏ ਜਾਣ।
