ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ ਬੈਂਸ ਨੇ ਅੱਜ ਲਾਜਵੰਤੀ ਸਟੇਡੀਅਮ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ 29 ਨਵੰਬਰ ਨੂੰ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਸੂਬਾ ਪੱਧਰੀ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਪਤੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਪ੍ਰਸਿੱਧ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਦੀ ਪੇਸ਼ਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ।

ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਦੀ ਤਾਇਨਾਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਮੇਤ ਵੱਖ-ਵੱਖ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਏਡੀਸੀ (ਵਿਕਾਸ) ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਪੂਰੀ ਗੰਭੀਰਤਾ ਨਾਲ ਨਿਭਾਉਂਦੇ ਹੋਏ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ।

ਉਨ੍ਹਾਂ ਕਿਹਾ ਕਿ ਸਮਾਰੋਹ ਦੌਰਾਨ ਖਿਡਾਰੀਆਂ, ਦਰਸ਼ਕਾਂ ਅਤੇ ਮਹਿਮਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰੇਕ ਪ੍ਰਬੰਧ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ।

ਇਸ ਮੌਕੇ ਆਰਟੀਓ ਅਮਨਦੀਪ ਕੌਰ ਘੁੰਮਣ, ਨਗਰ ਨਿਗਮ ਕਮਿਸ਼ਨਰ ਪ੍ਰੀਤਿੰਦਰ ਸਿੰਘ ਬੈਂਸ, ਐਸਪੀ ਨਵਨੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।