ਸੰਗਰੂਰ, 25 ਨਵੰਬਰ (ਪੈਗਾਮ-ਏ-ਜਗਤ):- ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਅਮਨਦੀਪ ਬਾਂਸਲ, ਆਈ.ਏ.ਐੱਸ., ਨੇ ਅੱਜ ਸੰਗਰੂਰ ਪਹੁੰਚ ਕੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਾਇਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਚੱਲ ਰਹੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਦਾ ਨਿਰੀਖਣ ਕੀਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਦੀ ਪਾਰਕਿੰਗ ਵਿੱਚ ਸਥਿਤ ਈ.ਵੀ.ਐਮ. ਵੇਅਰਹਾਊਸ ਦੇ ਦੌਰੇ ਦੌਰਾਨ ਅਮਨਦੀਪ ਬਾਂਸਲ ਨੇ ਉੱਥੇ ਮੌਜੂਦ 2690 ਬੈਲਟ ਯੂਨਿਟਾਂ (ਬੀ.ਯੂ.), 1539 ਕੰਟਰੋਲ ਯੂਨਿਟਾਂ (ਸੀ.ਯੂ.) ਅਤੇ 1737 ਵੀ.ਵੀ.ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੀ ਸਮੁੱਚੀ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਉਨ੍ਹਾਂ ਨੇ ਮਸ਼ੀਨਾਂ ਦੀ ਤਕਨੀਕੀ ਜਾਂਚ, ਸਕੈਨਿੰਗ, ਰਿਕਾਰਡ ਦੀ ਸੰਭਾਲ, ਸੁਰੱਖਿਆ ਪ੍ਰਬੰਧਾਂ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਜਾਂਚ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਹਰੇਕ ਪੜਾਅ ਨੂੰ ਪੂਰੀ ਸਾਵਧਾਨੀ, ਪਾਰਦਰਸ਼ਤਾ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਮੁੱਚੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅੰਕੁਰ ਮਹਿੰਦਰੂ, ਪੀ.ਸੀ.ਐੱਸ., ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ, 2026 ਤੋਂ ਲਗਾਤਾਰ ਕੀਤੀ ਜਾ ਰਹੀ ਹੈ। ਇਹ ਕੰਮ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਨਿਰਧਾਰਤ ਪ੍ਰਕਿਰਿਆ ਅਤੇ ਸਖ਼ਤ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਹਰੇਕ ਮਸ਼ੀਨ ਦੀ ਕਾਰਜਕੁਸ਼ਲਤਾ, ਤਕਨੀਕੀ ਸਥਿਤੀ ਅਤੇ ਭਰੋਸੇਯੋਗਤਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਸ਼ੀਨਾਂ ਦੀ ਸਕੈਨਿੰਗ ਅਤੇ ਹੋਰ ਲੋੜੀਂਦੀਆਂ ਤਕਨੀਕੀ ਪ੍ਰਕਿਰਿਆਵਾਂ ਵੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੈਂਗਲੁਰੂ ਸਥਿਤ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਇੰਜੀਨੀਅਰਾਂ ਵੱਲੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਮਸ਼ੀਨਾਂ ਦੀ ਸੁਚਾਰੂ ਅਤੇ ਨਿਰਵਿਘਨ ਵਰਤੋਂ ਯਕੀਨੀ ਬਣਾਈ ਜਾ ਸਕੇ।
ਅੰਕੁਰ ਮਹਿੰਦਰੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਸਟ ਲੈਵਲ ਚੈਕਿੰਗ ਦੀ ਸਮੁੱਚੀ ਪ੍ਰਕਿਰਿਆ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਵਿਧਾਨ ਸਭਾ ਚੋਣਾਂ-2027 ਦੌਰਾਨ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਦੇ ਨਾਲ-ਨਾਲ ਚੋਣ ਪ੍ਰਬੰਧਾਂ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਵੱਖ-ਵੱਖ ਅਧਿਕਾਰੀ, ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਚੋਣ ਦਫ਼ਤਰ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
