ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਹੁਸ਼ਿਆਰਪੁਰ ਵਿੱਚ ਬਾਲ ਵਿਆਹ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜੋ 21 ਅਕਤੂਬਰ ਤੋਂ 21 ਦਸੰਬਰ 2026 ਤੱਕ ਜਾਰੀ ਰਹੇਗੀ। ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਨੇ ਬਾਲ ਵਿਆਹ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਸਿਹਤ ਲਈ ਗੰਭੀਰ ਖ਼ਤਰਾ ਦੱਸਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਾਲ ਵਿਆਹ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ।
ਸ਼ੁੱਕਰਵਾਰ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਅਤੇ ਬਾਲ ਭਲਾਈ ਕਮੇਟੀ ਦੇ ਅਧਿਕਾਰੀਆਂ ਨੇ ਬਾਲ ਵਿਆਹ ਵਿਰੁੱਧ ਸਹੁੰ ਚੁੱਕੀ। ਇਸ ਦੌਰਾਨ ਸੰਕਲਪ ਲਿਆ ਗਿਆ ਕਿ ਬਾਲ ਵਿਆਹ ਸਬੰਧੀ ਕੋਈ ਵੀ ਜਾਣਕਾਰੀ ਮਿਲਣ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨਾ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਕਈ ਅਧਿਕਾਰੀ ਅਤੇ ਕੌਂਸਲਰ ਵੀ ਮੌਜੂਦ ਸਨ, ਜਿਨ੍ਹਾਂ ਨੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਯੋਗਦਾਨ ਪਾਇਆ।
