ਹੁਸ਼ਿਆਰਪੁਰ (ਦਲਜੀਤ ਅਜਨੋਹਾ) :- ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ 21 ਅਕਤੂਬਰ ਤੋਂ 21 ਦਸੰਬਰ 2026 ਤੱਕ ਚਲਾਈ ਜਾ ਰਹੀ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬਾਲ ਵਿਆਹ ਬੱਚਿਆਂ ਦੇ ਅਧਿਕਾਰਾਂ, ਸਿੱਖਿਆ, ਸਿਹਤ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਗੰਭੀਰ ਚੁਣੌਤੀ ਹੈ। ਇਸ ਸਮਾਜਿਕ ਕੁਰੀਤੀ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਾਲ ਵਿਆਹ ਦੀ ਕਿਸੇ ਵੀ ਘਟਨਾ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਇਸ ਬੁਰਾਈ ਨੂੰ ਰੋਕਣ ਵਿੱਚ ਸਹਿਯੋਗ ਦੇਣ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਬਚਪਨ ਅਤੇ ਬਿਹਤਰ ਭਵਿੱਖ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਪਹਿਲ ਹੈ। ਇਸ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਬਾਲ ਵਿਆਹ ਵਿਰੁੱਧ ਸਮਾਜਿਕ ਪੱਧਰ ’ਤੇ ਵੀ ਯਤਨ ਕੀਤੇ ਜਾਣੇ ਚਾਹੀਦੇ ਹਨ।

ਇਸੇ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ‘ਬਾਲ ਵਿਆਹ, ਘੱਟ ਉਮਰ ਵਿੱਚ ਵਿਆਹ ਅਤੇ ਜਬਰੀ ਵਿਆਹ ਦੇ ਖ਼ਾਤਮੇ ਲਈ ਅੰਤਰਰਾਸ਼ਟਰੀ ਦਿਵਸ’ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਕਜੁੱਟ ਹੋ ਕੇ ਬਾਲ ਵਿਆਹ ਵਿਰੁੱਧ ਸਹੁੰ ਚੁੱਕੀ। ਇਸ ਦੌਰਾਨ ਸੰਕਲਪ ਲਿਆ ਗਿਆ ਕਿ ਜਿੱਥੇ ਵੀ ਬਾਲ ਵਿਆਹ ਸਬੰਧੀ ਕੋਈ ਸੂਚਨਾ ਪ੍ਰਾਪਤ ਹੋਵੇਗੀ, ਉੱਥੇ ਤੁਰੰਤ ਲੋੜੀਂਦੀ ਕਾਰਵਾਈ ਕਰਦਿਆਂ ਬੱਚਿਆਂ ਨੂੰ ਇਸ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਨੂੰ ਖ਼ਤਮ ਕਰਨਾ, ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਮੁਹਿੰਮ ਤਹਿਤ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਡਾ. ਹਰਪ੍ਰੀਤ ਕੌਰ, ਬਾਲ ਭਲਾਈ ਕਮੇਟੀ ਦੀ ਚੇਅਰਪਰਸਨ ਹਰਜੀਤ ਕੌਰ, ਮੈਂਬਰ ਜਗਦੀਸ਼ ਮਿੱਤਰ, ਲੀਗਲ-ਕਮ-ਪ੍ਰੋਬੇਸ਼ਨ ਅਧਿਕਾਰੀ ਸੁਖਜਿੰਦਰ ਸਿੰਘ, ਸੀਪੀਓ (ਐਨਆਈਸੀ) ਜਸਮੀਨ ਕੌਰ, ਕਾਊਂਸਲਰ ਕੁਲਦੀਪ ਸਿੰਘ, ਸੋਸ਼ਲ ਵਰਕਰ ਅਮਨਦੀਪ ਸਿੰਘ ਅਤੇ ਰਣਜੀਤ ਕੌਰ, ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਦੀ ਮੈਨੇਜਰ-ਕਮ-ਕੋਆਰਡੀਨੇਟਰ ਅਮਰਜੀਤ ਕੌਰ ਝੰਮਟ, ਗੁਰਜੋਤ ਸਿੰਘ, ਬਾਲ ਭਲਾਈ ਕਮੇਟੀ ਦੀ ਅਸਿਸਟੈਂਟ-ਕਮ-ਡਾਟਾ ਐਂਟਰੀ ਆਪਰੇਟਰ ਅੰਜਲੀ ਅਗਰਵਾਲ ਅਤੇ ਅਮਨਦੀਪ ਕੌਰ, ਸੀਐਚਐਲ ਦੀ ਸੁਪਰਵਾਈਜ਼ਰ ਦੀਕਸ਼ਾ ਅਤੇ ਕੇਸ ਵਰਕਰ ਕਿਰਨ ਸੈਣੀ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।