ਨਵਾਂਸ਼ਹਿਰ, 27 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਮੋਗਾ ਰੈਲੀ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਵਾਲੇ ਹਲਕੇ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਮੋਗਾ ਰੈਲੀ ਵਿੱਚ ਹਲਕੇ ਦੇ ਨੌਜਵਾਨਾਂ, ਬਜ਼ੁਰਗਾਂ, ਔਰਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਪਾਰਟੀ ਵਰਕਰਾਂ ਨੇ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ, ਜਿਸ ਨਾਲ ਰੈਲੀ ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਿਆ।

ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਕਿਹਾ ਕਿ ਮੋਗਾ ਰੈਲੀ ਵਿੱਚ ਲੋਕਾਂ ਦਾ ਇਹ ਭਾਰੀ ਇਕੱਠ ਪਾਰਟੀ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਅਤੇ ਪਿਆਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ, ਪਾਣੀ ਅਤੇ ਸੜਕਾਂ ਸਮੇਤ ਹਰ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ, ਜਿਸ ਕਾਰਨ ਲੋਕ ਖੁਦ ਅੱਗੇ ਆ ਕੇ ਪਾਰਟੀ ਦਾ ਸਾਥ ਦੇ ਰਹੇ ਹਨ।

ਉਨ੍ਹਾਂ ਹਲਕੇ ਦੇ ਸਾਰੇ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ, ਬੂਥ ਪ੍ਰਧਾਨਾਂ, ਪੰਚਾਂ, ਸਰਪੰਚਾਂ, ਵਲੰਟੀਅਰਾਂ ਅਤੇ ਪਾਰਟੀ ਦੇ ਹਰ ਵਰਕਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਰੈਲੀ ਨੂੰ ਇਤਿਹਾਸਕ ਬਣਾਇਆ।

ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਇਹ ਸਾਥ ਅਤੇ ਸਹਿਯੋਗ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਮਿਲ ਕੇ ਕੰਮ ਕੀਤਾ ਜਾਵੇਗਾ।

ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦੇ ਵਿਕਾਸ ਲਈ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਲੋਕਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।