ਮਾਹਿਲਪੁਰ (ਦਲਜੀਤ ਅਜਨੋਹਾ):- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ-ਭਾਜਪਾ ਗੱਠਜੋੜ ਦਾ ਮੁੜ ਰਸਮੀ ਐਲਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਪੰਜਾਬ ਵਾਸੀਆਂ ਵਿੱਚ ਇੱਕ ਵਾਰ ਫਿਰ ਸੂਬੇ ਵਿੱਚ ਖੁਸ਼ਹਾਲੀ ਆਉਣ ਦੀ ਉਮੀਦ ਜਾਗੀ ਹੈ। ਛੇ ਸਾਲਾਂ ਬਾਅਦ ਮੁੜ ਹੋਏ ਇਸ ਗੱਠਜੋੜ ਨਾਲ ਹਰ ਪਾਸੇ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਉਨ੍ਹਾਂ ਕਿਹਾ ਕਿ 1997 ਤੋਂ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਦੇ ਤਿੰਨ ਕਾਰਜਕਾਲਾਂ ਦੌਰਾਨ ਪੰਜਾਬ ਨੇ ਜਿੰਨੀ ਤਰੱਕੀ ਕੀਤੀ, ਓਨੀ ਤਰੱਕੀ ਨਾ ਤਾਂ ਇਸ ਤੋਂ ਪਹਿਲਾਂ ਅਤੇ ਨਾ ਹੀ ਬਾਅਦ ਵਿੱਚ ਕਦੇ ਹੋਈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ ਵੱਖ-ਵੱਖ ਭਾਈਚਾਰਿਆਂ ਵਿਚਕਾਰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਮਜ਼ਬੂਤ ਹੋਈ। ਇਸ ਨਾਲ ਪੰਜਾਬ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਬਣਿਆ ਰਿਹਾ, ਜੋ ਕਿਸੇ ਵੀ ਸੂਬੇ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਾਸੀ ਨੌਜਵਾਨਾਂ ਵਿੱਚ ਵਧ ਰਹੇ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਕਾਰਨ ਬਹੁਤ ਦੁਖੀ ਹਨ। ਪੰਜਾਬ ਸਿਰ ਕਰਜ਼ੇ ਦਾ ਬੋਝ ਦਿਨ-ਬ-ਦਿਨ ਵਧ ਰਿਹਾ ਹੈ। ਇੱਥੋਂ ਦੇ ਕਾਰੋਬਾਰ ਅਤੇ ਉਦਯੋਗ ਦੂਜੇ ਸੂਬਿਆਂ ਵੱਲ ਪਲਾਇਨ ਕਰ ਗਏ ਹਨ। ਇਨ੍ਹਾਂ ਹਾਲਾਤਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਾਸੀਆਂ ਲਈ ਉਮੀਦ ਦੀ ਇੱਕੋ-ਇੱਕ ਕਿਰਨ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਇਹ ਕਹਿਣਾ ਕੋਈ ਅਤਿਕਥਨੀ ਨਹੀਂ ਹੋਵੇਗੀ ਕਿ 2027 ਵਿੱਚ ਮੁੜ ਅਕਾਲੀ-ਭਾਜਪਾ ਗੱਠਜੋੜ ਦੀ ਹੀ ਸਰਕਾਰ ਬਣੇਗੀ।

ਇਸ ਮੌਕੇ ਸੋਹਣ ਸਿੰਘ ਠੰਡਲ, ਸੰਜੀਵ ਪਚਨੰਗਲ, ਹਰਮਿੰਦਰ ਸਿੰਘ ਸੰਧੂ, ਧਰਮਿੰਦਰ ਟੋਨੀ ਪਾਰਸ ਅਤੇ ਹੋਰ ਨੁਮਾਇੰਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।