ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਵਾਰ ਫਿਰ ਅਕਾਲੀ-ਭਾਜਪਾ ਗੱਠਜੋੜ ਦਾ ਰਸਮੀ ਐਲਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਵਿੱਚ ਇੱਕ ਵਾਰ ਫਿਰ ਸੂਬੇ ਵਿੱਚ ਖੁਸ਼ਹਾਲੀ ਆਉਣ ਦੀ ਆਸ ਬੱਝੀ ਹੈ। ਛੇ ਸਾਲਾਂ ਬਾਅਦ ਮੁੜ ਹੋਏ ਇਸ ਗੱਠਜੋੜ ਨਾਲ ਹਰ ਪਾਸੇ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਉਨ੍ਹਾਂ ਕਿਹਾ ਕਿ 1997 ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਦੇ ਤਿੰਨ ਕਾਰਜਕਾਲਾਂ ਦੌਰਾਨ ਪੰਜਾਬ ਨੇ ਜਿੰਨੀ ਤਰੱਕੀ ਕੀਤੀ ਹੈ, ਓਨੀ ਤਰੱਕੀ ਇਸ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਦੇ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ ਵੱਖ-ਵੱਖ ਭਾਈਚਾਰਿਆਂ ਵਿੱਚ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਮਜ਼ਬੂਤ ਹੋਣ ਕਾਰਨ ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਬਣਿਆ ਰਿਹਾ, ਜੋ ਕਿਸੇ ਵੀ ਸੂਬੇ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਾਸੀ ਨੌਜਵਾਨਾਂ ਵਿੱਚ ਵਧ ਰਹੇ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਕਾਰਨ ਬਹੁਤ ਦੁਖੀ ਹਨ। ਪੰਜਾਬ ਵਿੱਚ ਕਰਜ਼ੇ ਦਾ ਬੋਝ ਦਿਨ-ਬ-ਦਿਨ ਵਧ ਰਿਹਾ ਹੈ। ਇੱਥੋਂ ਦੇ ਕਾਰੋਬਾਰ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਗਏ ਹਨ। ਇਨ੍ਹਾਂ ਹਾਲਾਤਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਾਸੀਆਂ ਲਈ ਇੱਕੋ-ਇੱਕ ਆਸ ਦੀ ਕਿਰਨ ਵਾਂਗ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਇਹ ਕਹਿਣਾ ਕੋਈ ਅਤਿਕਥਨੀ ਨਹੀਂ ਹੋਵੇਗੀ ਕਿ 2027 ਵਿੱਚ ਮੁੜ ਅਕਾਲੀ-ਭਾਜਪਾ ਗੱਠਜੋੜ ਦੀ ਹੀ ਸਰਕਾਰ ਬਣੇਗੀ।
