ਨਵਾਂਸ਼ਹਿਰ/ਕਾਠਗੜ੍ਹ, 29 ਨਵੰਬਰ (ਜਤਿੰਦਰਪਾਲ ਸਿੰਘ ਕਲੇਰ) :- ਏ.ਐਸ.ਆਈ. ਸੰਦੀਪ ਸ਼ਰਮਾ ਨੇ ਚੌਕੀ ਆਸਰੋਂ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਉਹ ਚੌਕੀ ਆਸਰੋਂ ਵਿਖੇ ਆਪਣੀਆਂ ਵਧੀਆ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਲਾਕੇ ਵਿੱਚ ਉਨ੍ਹਾਂ ਦੀ ਕਾਰਜਸ਼ੈਲੀ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾਂਦੀ ਹੈ।

ਅਹੁਦਾ ਸੰਭਾਲਣ ਉਪਰੰਤ ਏ.ਐਸ.ਆਈ. ਸੰਦੀਪ ਸ਼ਰਮਾ ਨੇ ਸ਼ਰਾਰਤੀ ਅਨਸਰਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ, ਧੱਕੇਸ਼ਾਹੀ ਅਤੇ ਸ਼ਰਾਰਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੋ ਵੀ ਵਿਅਕਤੀ ਲੋਕਾਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਨਸ਼ਾ ਤਸਕਰਾਂ ਨੂੰ ਵੀ ਸਪੱਸ਼ਟ ਚੇਤਾਵਨੀ ਦਿੱਤੀ ਕਿ ਉਹ ਇਹ ਮਾੜੇ ਕੰਮ ਛੱਡ ਦੇਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਨੂੰ ਨਸ਼ਾ ਮੁਕਤ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਜ਼ਰੂਰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣੇ ਚਾਹੀਦੇ ਹਨ ਅਤੇ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਏ.ਐਸ.ਆਈ. ਸੰਦੀਪ ਸ਼ਰਮਾ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਲੋਕਾਂ ਦੀ ਸੁਰੱਖਿਆ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਚੌਕੀ ਆਸਰੋਂ ਵਿਖੇ ਹਰ ਆਉਣ ਵਾਲੇ ਵਿਅਕਤੀ ਦੀ ਗੱਲ ਧਿਆਨ ਨਾਲ ਸੁਣੀ ਜਾਵੇਗੀ ਅਤੇ ਉਸ ਨੂੰ ਪੂਰਾ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।