ਹੁਸ਼ਿਆਰਪੁਰ (ਦਲਜੀਤ ਅਜਨੋਹਾ) :- ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਵੱਡੇ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 402 ਇਲੈਕਟੋਰਲ ਲਿਟਰੇਸੀ ਕਲੱਬ ਬਣਾਏ ਗਏ ਹਨ। ਇਨ੍ਹਾਂ ਕਲੱਬਾਂ ਰਾਹੀਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੋਟ ਦੇ ਮਹੱਤਵ, ਚੋਣ ਪ੍ਰਕਿਰਿਆ ਅਤੇ ਲੋਕਤੰਤਰੀ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ 48, ਦਸੂਹਾ ਵਿੱਚ 61, ਉੜਮੁੜ ਵਿੱਚ 55, ਸ਼ਾਮ ਚੁਰਾਸੀ ਵਿੱਚ 59, ਹੁਸ਼ਿਆਰਪੁਰ ਵਿੱਚ 67, ਚੱਬੇਵਾਲ ਵਿੱਚ 49 ਅਤੇ ਗੜ੍ਹਸ਼ੰਕਰ ਵਿੱਚ 63 ਇਲੈਕਟੋਰਲ ਲਿਟਰੇਸੀ ਕਲੱਬ ਸਥਾਪਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ 6 ਦਸੰਬਰ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਸਬੰਧੀ ਸਾਰੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਪਿਛਲੇ ਦਿਨੀਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ, ਹੁਸ਼ਿਆਰਪੁਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਲੇਖ ਅਤੇ ਕੁਇਜ਼ ਮੁਕਾਬਲਿਆਂ ਦੇ ਨਾਲ-ਨਾਲ ਇੱਕ ਵਿਸ਼ਾਲ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ ਸੀ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਨਾਲ ਜੋੜਨਾ ਹੈ।
ਆਸ਼ਿਕਾ ਜੈਨ ਨੇ ਦੱਸਿਆ ਕਿ ਵੋਟਰਾਂ ਨੂੰ ਈਵੀਐਮ ਅਤੇ ਵੀਵੀਪੈਟ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹੇ ਵਿੱਚ ਕੁੱਲ 8 ਪ੍ਰਦਰਸ਼ਨੀ ਕੇਂਦਰ ਸਥਾਪਤ ਕੀਤੇ ਜਾਣਗੇ। ਇਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਪੱਧਰੀ ਕੇਂਦਰ ਸੁਵਿਧਾ ਕੇਂਦਰ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਹੁਸ਼ਿਆਰਪੁਰ ਵਿੱਚ ਸਥਾਪਤ ਕੀਤਾ ਜਾਵੇਗਾ, ਜਦਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ-ਇੱਕ ਪ੍ਰਦਰਸ਼ਨੀ ਕੇਂਦਰ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ’ਤੇ ਵੋਟਰਾਂ ਨੂੰ ਈਵੀਐਮ ਰਾਹੀਂ ਵੋਟ ਪਾਉਣ ਦੀ ਪ੍ਰਕਿਰਿਆ ਦਾ ਵਿਹਾਰਕ ਪ੍ਰਦਰਸ਼ਨ ਕਰਕੇ ਜਾਗਰੂਕ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੱਤ ਵਿਧਾਨ ਸਭਾ ਹਲਕਿਆਂ ਲਈ ਇੱਕ-ਇੱਕ ਮੋਬਾਈਲ ਡੈਮੋਨਸਟ੍ਰੇਸ਼ਨ ਵੈਨ ਤਾਇਨਾਤ ਕੀਤੀ ਗਈ ਹੈ। ਹਰੇਕ ਵੈਨ ਆਪਣੇ ਵਿਧਾਨ ਸਭਾ ਹਲਕੇ ਦੇ 5 ਤੋਂ 7 ਨਿਰਧਾਰਤ ਸਥਾਨਾਂ ਨੂੰ ਕਵਰ ਕਰੇਗੀ। ਚੋਣਾਂ ਦੇ ਐਲਾਨ ਤੋਂ ਪਹਿਲਾਂ ਹਰੇਕ ਨਿਰਧਾਰਤ ਸਥਾਨ ’ਤੇ ਘੱਟੋ-ਘੱਟ ਇੱਕ ਵਾਰ ਜਾਗਰੂਕਤਾ ਗਤੀਵਿਧੀ ਯਕੀਨੀ ਬਣਾਈ ਜਾਵੇਗੀ। ਨਿਰਧਾਰਤ ਯੋਜਨਾ ਅਨੁਸਾਰ ਇਹ ਮੁਹਿੰਮ 9 ਦਸੰਬਰ ਤੋਂ ਸ਼ੁਰੂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੀਪ ਮੁਹਿੰਮ ਰਾਹੀਂ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਨਾਗਰਿਕਾਂ ਨੂੰ ਵੋਟਿੰਗ ਪ੍ਰਕਿਰਿਆ ਨਾਲ ਜੋੜਨ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਨਿਰਪੱਖ ਤੇ ਜਾਗਰੂਕ ਵੋਟਿੰਗ ਲਈ ਅਨੁਕੂਲ ਮਾਹੌਲ ਤਿਆਰ ਕਰਨ ਦੇ ਯਤਨ ਲਗਾਤਾਰ ਜਾਰੀ ਰਹਿਣਗੇ।
